The Summer News
×
Monday, 29 April 2024

ਆਦਰਸ਼ ਚੋਣ ਜਾਬਤਾ ਲਾਗੂ, ਜ਼ਿਲ੍ਹਾ ਚੋਣ ਅਫਸਰ ਵੱਲੋਂ ਅਧਿਕਾਰੀਆਂ ਨਾਲ ਬੈਠਕ

 ਸ੍ਰੀ ਮੁਕਤਸਰ ਸਾਹਿਬ, 16 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਆਖਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦਾ ਐਲਾਨ ਹੋਣ ਦੇ ਨਾਲ ਹੀ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਉਹਨਾਂ ਨੇ ਇਸ ਸਬੰਧੀ ਸਾਰੀਆਂ ਧਿਰਾਂ ਨੂੰ ਹਦਾਇਤ ਕੀਤੀ ਹੈ ਕਿ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।


ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਇਕ ਆਨਲਾਈਨ ਬੈਠਕ ਵੀ ਕੀਤੀ ਅਤੇ ਹਦਾਇਤ ਕੀਤੀ ਕਿ ਸਰਕਾਰੀ ਇਮਾਰਤਾਂ ਤੋਂ 24 ਘੰਟੇ ਦੇ ਅੰਦਰ-ਅੰਦਰ ਹੋਰਡਿੰਗ ਬੈਨਰ ਆਦਿ ਉਤਾਰ ਦਿੱਤੇ ਜਾਣ। ਇਸੇ ਤਰ੍ਹਾਂ 48 ਘੰਟੇ ਦੇ ਅੰਦਰ-ਅੰਦਰ ਹੋਰ ਜਨਤਕ ਥਾਵਾਂ ਤੋਂ ਸਿਆਸੀ ਇਸ਼ਤਿਹਾਰਬਾਜ਼ੀ ਵਾਲੇ ਹੋਰਡਿੰਗ ਬੈਨਰ ਉਤਾਰੇ ਜਾਣ। 72 ਘੰਟੇ ਦੇ ਅੰਦਰ-ਅੰਦਰ ਪ੍ਰਾਈਵੇਟ ਪ੍ਰਾਪਰਟੀ ਤੋਂ ਸਿਆਸੀ ਇਸ਼ਤਿਆਰਬਾਜੀ ਨੂੰ ਵੀ ਹਟਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਦੌਰਾਨ ਸਾਰੇ ਵਿਭਾਗ ਅਤੇ ਉਹਨਾਂ ਦੇ ਸਟਾਫ ਚੋਣ ਜਾਬਤੇ ਦੇ ਨਿਯਮਾਂ ਦਾ ਸਖਤੀ ਨਾਲ ਪਾਲਣ ਕਰਨਗੇ ।


ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ ਨੂੰ ਪੈਣਗੀਆਂ। ਇਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਬੈਠਕ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਵਾਹਨ ਦੀ ਵਰਤੋਂ ਕਿਸੇ ਵੀ ਸਿਆਸੀ ਪਾਰਟੀ, ਉਮੀਦਵਾਰ ਵੱਲੋਂ ਕੀਤੇ ਜਾਣ ’ਤੇ ਰੋਕ ਰਹੇਗੀ। ਇਸੇ ਤਰਾਂ ਸਰਕਾਰੀ ਖਰਚ ’ਤੇ ਕੋਈ ਵੀ ਇਸ਼ਤਿਹਾਰਬਾਜੀ ਨਹੀਂ ਕੀਤੀ ਜਾ ਸਕੇਗੀ।


 ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜੀ), ਮੁਕਤਸਰ ਸਾਹਿਬ ਡਾ. ਨਯਨ, ਐਸ.ਡੀ.ਐਮ,  ਮੁਕਤਸਰ ਸਾਹਿਬ ਬਲਜੀਤ ਕੌਰ, ਐਸ.ਡੀ.ਐਮ. ਮਲੋਟ, ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਗਿੱਦੜਬਾਹਾ ਡਾ. ਅਜੀਤਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮੁਕਤਸਰ ਸਾਹਿਬ ਸੁਰਿੰਦਰ ਸਿੰਘ ਢਿੱਲੋਂ, ਤਹਿਸੀਲਦਾਰ ਚੋਣਾਂ  ਹਰਬੰਸ ਸਿੰਘ, ਕਾਰਜ ਸਾਧਕ ਅਫ਼ਸਰ, ਰਜਨੀਸ਼ ਗਿਰਧਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Story You May Like