The Summer News
×
Thursday, 02 May 2024

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਨਾ ਕਰਕੇ ਸਿੱਖ ਕੌਮ ਨੂੰ ਇਕ ਵਿਲੱਖਣ ਪਛਾਣ ਦੇਣ ਦੇ ਨਾਲ-ਨਾਲ ਸਵੈਮਾਣ ਨਾਲ ਜਿਊਣ ਦਾ ਰਾਹ ਦਿਖਾਇਆ। ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਮੁਬਾਰਕ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੌਜੁਆਨਾਂ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਆ। ਐਡਵੋਕੇਟ ਧਾਮੀ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਆਦੇਸ਼ ਮੁਤਾਬਿਕ ਸਿੱਖ ਕੌਮ ਨੂੰ ਇਸ ਵਾਰ 325ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ 13 ਅਪ੍ਰੈਲ ਨੂੰ ਆਪਣੇ ਘਰਾਂ ’ਤੇ ਖਾਲਸਈ ਨਿਸ਼ਾਨ ਝੁਲਾਉਣ ਅਤੇ ਮੂਲਮੰਤਰ ਦਾ ਜਾਪ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਲਈ ਵੀ ਕਿਹਾ। ਉਨ੍ਹਾਂ ਸੰਗਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।

Story You May Like