The Summer News
×
Tuesday, 21 May 2024

ਸਾਰੇ ਸਾਈਨ ਬੋਰਡ ਪੰਜਾਬੀ ’ਚ ਲਿਖੇ ਜਾਣ : ਡਾ. ਮਨਜਿੰਦਰ ਸਿੰਘ

ਪਟਿਆਲਾ, 4 ਅਕਤੂਬਰ: ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਡਾ. ਮਨਜਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਤੇ ਪੂਰਾ ਮਾਣ ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹੇ ਦੇ ਸਾਰੇ ਸੂਚਨਾ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਵਿਚ ਲਿਖਣੇ ਲਾਜ਼ਮੀ ਬਣਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ ਅਤੇ ਗ਼ੈਰ—ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ  ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਵਿੱਚ ਲਿਖੇ ਜਾਣਗੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਿਆ ਜਾਵੇਗਾ।


ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ-ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰੇ ਵੀ ਆਪੋ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖਣੇ ਲਾਜ਼ਮੀ ਬਨਾਉਣਗੇ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਿਤ ਖਿਲਾਫ਼ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ 2008 ਅਤੇ 2021 ਵਿਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਜੇਕਰ ਕਿਸੇ ਨੂੰ ਸੂਚਨਾ ਬੋਰਡ ਲਿਖਣ ਸਮੇਂ ਸ਼ਬਦ ਜੋੜਾਂ ਸਬੰਧੀ ਕਿਸੇ ਪ੍ਰਕਾਰ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਨਾਲ ਸੰਪਰਕ ਕਰ ਸਕਦੇ ਹਨ।

Story You May Like