The Summer News
×
Thursday, 09 May 2024

ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਮਹੀਨਾ ਜੁਲਾਈ ਦੋਰਾਨ ਕੀਤੀਆਂ ਜਾ ਰਹੀਆ ਹਨ ਡੇਂਗੂ ਵਿਰੋਧੀ ਗਤੀਵਿਧੀਆਂ : ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਜੁਲਾਈ : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸਦੇ ਤਹਿਤ ਸਿਹਤ ਵਿਭਾਗ ਵੱਲੋਂ ਡਾ. ਪ੍ਰਭਜੀਤ ਸਿੰਘ ਸਿਵਲ ਸਰਜਨ ਅਤੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਡਾ ਪ੍ਰਭਜੀਤ ਸਿੰਘ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਹੀਨਾ ਜੁਲਾਈ ਨੂੰ ਡੇਂਗੂ ਵਿਰੋਧੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਲੋਕਾਂ ਨੂੰ ਡੇਂਗੂ ਬਚਾਉਣ ਲਈ ਲਗਾਤਾਰ ਜਾਗਰੁਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।


ਉਨ੍ਹਾਂ ਕਿਹਾ ਕਿ ਬਾਰਸ਼ਾਂ ਦੇ ਮੋਸਮ ਵਿੱਚ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਪਾਣੀ ਇਕੱਠਾ ਹੋ ਜਾਂਦਾ ਹੈ ਜਿਸ ਨਾਲ ਡੇਂਗੂ ਅਤੇ ਮਲੇਰੀਆ ਫੈਲਣ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ, ਬਾਂਸਲ ਪੈਲਸ ਦਾ ਏਰੀਆ, ਸਟਾਰ ਸਿਟੀ ਕਲੋਨੀ, ਲਿਟਲ ਫਲਾਵਰ ਕਾਨਵੈਂਟ ਸਕੂਲ, ਸਰਵ ਹਿੱਤਕਾਰੀ ਸਕੂਲ ਦਾ ਸਾਰਾ ਏਰੀਏ ਵਿਚ ਡੈਂਗੂ ਅਤੇ ਮਲੇਰੀਆ ਦੇ ਫੈਲ਼ਣ ਤੋਂ ਬਚਾਅ ਲਈ ਖੜੇ ਪਾਣੀ ਵਿਚ ਬੀ.ਟੀ.ਆਈ. ਅਤੇ ਟੈਮੀਫਾਸ ਸਪਰੇ ਕੀਤੀ ਗਈ ਜਿਸ ਨਾਲ ਪਾਣੀ ਵਿਚ ਪੈਦਾ ਹੋਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਟੀਮਾਂ ਵੱਲੋਂ ਘਰ ਘਰ ਜਾ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੁਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾ ਆਮ ਲੋਕਾਂ ਨੂੰ ਅਪੀਲ ਕਿ ਹਰ ਸ਼ੁੱਕਰਵਾਰ ਡਰਾਈ ਡੇ ਦੇ ਤੌਰ ’ਤੇ ਮਨਾਇਆ ਜਾਵੇ ਅਤੇ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ।


ਇਸ ਮੌਕੇ ਡਾ ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।


ਇਸ ਸਮੇਂ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਅਤੇ ਭਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਡੇਂਗੁ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਮੋਬਾਇਲ ਦੇ ਪਲੇ ਸਟੋਰ ਤੋਂ ਡੇਂਗੂ ਮੁਕਤ ਪੰਜਾਬ ਨਾਮ ਦੀ ਐਪ ਡਾਊਨਲੋਡ ਕਰਕੇ ਘਰ ਬੈਠੇ ਹੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਹਰਦੀਪ ਸਿੰਘ, ਮਨੀਸ਼ ਕੁਮਾਰ, ਸੰਦੀਪ ਕੁਮਾਰ ਸਿਹਤ ਵਰਕਰ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ ।

Story You May Like