The Summer News
×
Tuesday, 21 May 2024

ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਮੀਂਹ ਦੇ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ

ਐਸ.ਏ.ਐਸ. ਨਗਰ, 27 ਮਾਰਚ : ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਡਿਪਟੀ ਕਸ਼ਿਨਰ ਆਸ਼ਿਕਾ ਜੈਨ ਨੇ ਬੇਮੌਸਮੀ ਮੀਂਹ ਦੇ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨਾ ਦਾ ਜਾਇਜ਼ਾ ਲੈਣ ਲਈ ਲਈ ਅੱਜ ਐਸ.ਏ.ਐਸ. ਨਗਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਫ਼ਸਲਾਂ ਦੇ ਮੁਆਵਜ਼ੇ ਲਈ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਜਾ ਚੁੱਕੇ ਹਨ। ਸਬੰਧਤ ਡਿਪਟੀ ਕਮਿਸਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਲਈ ਆਖਿਆ ਗਿਆ ਹੈ ਤਾਂ ਜੋ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ’ਤੇ ਪਤਾ ਲਗਾਇਆ ਜਾ ਸਕੇ।


ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇ ਫਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ।


ਉਨ੍ਹਾਂ ਕਿਹਾ ਕਿ ਲਗਾਤਾਰ ਬਰਸਾਤ ਖੜ੍ਹੀ ਕਣਕ ਅਤੇ ਹਾੜ੍ਹੀ ਦੀਆਂ ਹੋਰ ਫਸਲਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤੇਜ ਹਵਾਵਾਂ ਅਤੇ ਗੜ੍ਹੇਮਾਰੀ ਨਾਲ ਆਈ ਬਾਰਿਸ਼ ਨੇ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਰੋਜੀ-ਰੋਟੀ ਨੂੰ ਸੱਟ ਮਾਰੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੰਤਰੀ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਅਧਿਕਾਰੀਆਂ ਨੂੰ ਸਮੇਂ ਸੀਮਾਂ ਵਿੱਚ ਇਹ ਕਾਰਜ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਖਰੜ ਦੇ ਐਸ.ਡੀ.ਐਮ. ਰਵਿੰਦਰ ਸਿੰਘ ਵੀ ਹਾਜ਼ਰ ਸਨ।

Story You May Like