The Summer News
×
Sunday, 19 May 2024

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਮੰਡੌਰ ਦੇ ਸਕੂਲ ਆਫ਼ ਐਮੀਨੈਸ ਵਜੋਂ ਚੁਣੇ ਗਏ ਸਕੂਲ ਦਾ ਦੌਰਾ

ਨਾਭਾ/ਪਟਿਆਲਾ, 25 ਜੂਨ : ਸੂਬੇ ਦੇ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਮਿਆਰ ਕੌਮਾਂਤਰੀ ਪੱਧਰ ਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪਟਿਆਲਾ ਦਿਹਾਤੀ ਹਲਕੇ ਵਿੱਚ ਪੈਂਦੇ ਪਿੰਡ ਮੰਡੌਰ ਦੇ ਸਕੂਲ ਦੀ ਚੋਣ ਸਕੂਲ ਆਫ਼ ਐਮੀਨੈਸ ਵਜੋਂ ਹੋਈ ਹੈ। ਜਿਸ ਦਾ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ।


ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਕੂਲ ਆਫ਼ ਐਮੀਨੈਸ ਵਿੱਚ ਵਿਦਿਆਰਥੀਆਂ ਦੇ ਰੁਝਾਨ ਮੁਤਾਬਕ ਉਨ੍ਹਾਂ ਨੂੰ ਸਿੱਖਿਆ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਪਸੰਦ ਦੇ ਖੇਤਰ 'ਚ ਆਪਣਾ ਕੈਰੀਅਰ ਬਣ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਕਾਰੋਬਾਰੀ ਉੱਦਮੀ ਬਣਾਉਣ ਵਿੱਚ ਸਕੂਲ ਆਫ਼ ਐਮੀਨੈਸ ਅਹਿਮ ਰੋਲ ਨਿਭਾਉਣਗੇ।


ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਨੌਕਰੀ ਲੈਣ ਨੂੰ ਟੀਚਾ ਬਣਾਇਆ ਗਿਆ ਹੈ ਪਰ ਇਸ ਨਵੀਂ ਪਹਿਲ ਕਦਮੀ ਨਾਲ ਇਥੋ ਨਿਕਲੇ ਵਿਦਿਆਰਥੀ ਆਪਣਾ ਕਾਰੋਬਾਰ ਸ਼ੁਰੂ ਕਰਕੇ ਨੌਕਰੀ ਦੇਣ ਦੇ ਕਾਬਲ ਬਣਨਗੇ।  ਉਨ੍ਹਾਂ ਕਿਹਾ ਕਿ ਪਿੰਡ ਮੰਡੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਿਆ ਜਾ ਸਕੇ।


ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਪਾਲ ਸਿੰਘ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਸ ਮੰਡੌਰ ਵਿਖੇ ਮੈਡੀਕਲ, ਨਾਨ ਮੈਡੀਕਲ, ਕਾਮਰਸ, ਆਰਟਸ, ਵੋਕੇਸ਼ਨਲ ਸਮੇਤ ਆਧੁਨਿਕ ਲੈਬਜ਼ ਬਣਾਈਆਂ ਜਾਣੀਆਂ ਹਨ। ਇਸ ਦੇ ਨਾਲ ਹੀ ਖਿਡਾਰੀਆਂ ਲਈ 400 ਮੀਟਰ ਦੇ ਟਰੈਕ, ਸਵਿਮਿੰਗ ਪੂਲ, ਇੰਡੋਰ ਸਪੋਰਟਸ ਕੰਪਲੈਕਸ ਵੀ ਬਣਾਇਆ ਜਾਵੇਗਾ ਅਤੇ ਟਰਾਂਸਪੋਰਟ ਦਾ ਵੀ ਵੱਖਰਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪਿੰਡਾਂ ਦੇ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਾਪਤ ਹੋਵੇਗੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪਰਮਿੰਦਰ ਸ਼ਰਮਾ ਸਮੇਤ ਗ੍ਰਾਮ ਪੰਚਾਇਤ ਮੰਡੌਰ ਅਤੇ ਪਿੰਡ ਵਾਸੀ ਮੌਜੂਦ ਸਨ।

Story You May Like