The Summer News
×
Monday, 20 May 2024

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ

ਬਠਿੰਡਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 317ਵੇ ਸੰਪੂਰਨਤਾ ਦਿਵਸ ਸਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ ਹੋ ਗਏ ਹਨ।ਤਖ਼ਤ ਸਾਹਿਬ ਦੇ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਰਸਮੀ ਤੌਰ ਤੇ ਸ਼ੁਰੂ ਹੋ ਗਏ।ਆਰੰਭਤਾ ਦੀ ਅਰਦਾਸ ਉਪਰੰਤ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਦੱਸਿਆ ਕਿ 317 ਵਰ੍ਹੇ ਪਹਿਲਾਂ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਨੀ ਸਿੰਘ ਨੂੰ ਲਿਖਾਰੀ ਅਤੇ ਬਾਬਾ ਦੀਪ ਸਿੰਘ ਜੀ ਨੂੰ ਸਹਿ ਲਿਖਾਰੀ ਥਾਪ ਕੇ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਸੀ।ਤਖ਼ਤ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਮੁੱਖ ਸਮਾਗਮ 30 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਣਗੇ ਜਿਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਸਮੇਤ ਉੱਚ ਧਾਰਮਿਕ ਸਖਸ਼ੀਅਤਾਂ ਸ਼ਿਰਕਤ ਕਰਨਗੀਆਂ।ਉਧਰ ਸਮਾਗਮਾਂ ਦੇ ਪਹਿਲੇ ਦਿਨ ਅੱਜ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਸਕੂਲੀ ਬੱਚਿਆਂ ਦੇ ਭਾਸ਼ਣ,ਕਵਿਤਾ ਉਚਾਰਨ ਅਤੇ ਪ੍ਰਸ਼ਨੋਤਰੀ ਮੁਕਾਬਲੇ ਸ਼ੁਰੂ ਹੋ ਗਏ ਹਨ।

Story You May Like