The Summer News
×
Sunday, 12 May 2024

ਸਿਹਤ ਵਿਭਾਗ ਵਲੋਂ ਡੇਂਗੂ ਅਤੇ ਮਲੇਰੀਆ ਦੇ ਬਚਾਆ ਅਤੇ ਜਾਗਰੁਕ ਕਰਨ ਸਬੰਧੀ ਕੀਤੇ ਜਾ ਰਹੇ ਹਨ ਉਪਰਾਲੇ

ਸ੍ਰੀ ਮੁਕਤਸਰ ਸਾਹਿਬ 6 ਜੂਨ : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸਦੇ ਤਹਿਤ ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ।


ਇਸ ਸਬੰਧ ਵਿਚ ਡਾ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਏਰੀਏ ਵਿਚ ਡੈਂਗੂ ਅਤੇ ਮਲੇਰੀਆ ਦੇ ਫੈਲ਼ਣ ਤੋਂ ਬਚਾਅ ਲਈ ਖੜੇ ਪਾਣੀ ਵਿਚ ਬੀ.ਟੀ.ਆਈ. ਅਤੇ ਟੈਮੀਫਾਸ ਨਾਮ ਦੀ ਸਪਰੇ ਕੀਤੀ ਗਈ ਜਿਸ ਨਾਲ ਪਾਣੀ ਵਿਚ ਪੈਦਾ ਹੋਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।


ਉਨ੍ਹਾ ਕਿਹਾ ਕਿ ਟੀਮਾਂ ਵਲੋਂ ਘਰ ਘਰ ਜਾ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੁਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਇਸ ਮੌਕੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।


ਇਸ ਸਮੇਂ ਭਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ  ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਇਸ ਮੌਕੇ ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਗੁਰਸੇਵਕ ਸਿੰਘ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ ।

Story You May Like