The Summer News
×
Saturday, 18 May 2024

ਆਬਕਾਰੀ ਪੁਲਿਸ ਨੇ ਕਾਨੂੰਨੀ ਅਤੇ ਸੰਚਾਲਨ ਪ੍ਰਕਿਰਿਆਵਾਂ ਦੇ ਸੰਬੰਧ ਵਿੱਚ ਕਰਵਾਈ ਵਰਕਸ਼ਾਪ

ਪਟਿਆਲਾ, 4 ਜੁਲਾਈ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਆਬਕਾਰੀ ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਕਾਨੂੰਨੀ ਪ੍ਰਕਿਰਿਆਵਾਂ ਅਤੇ ਨਿਯਮਾਂ ਬਾਰੇ ਵਿਸਥਾਰ ਨਾਲ ਚਰਚਾ ਕਰਨ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਆਈ.ਜੀ ਆਬਕਾਰੀ ਤੇ ਕਰ ਗੁਰਜੋਤ ਸਿੰਘ ਕਲੇਰ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਵੱਲੋਂ ਪੁਲਿਸ ਅਤੇ ਆਬਕਾਰੀ ਵਿਭਾਗ ਦਰਮਿਆਨ ਸਹਿਯੋਗ ਅਤੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਜਾਰੀ ਹਦਾਇਤਾਂ 'ਤੇ ਵੀ ਲੰਮੀ ਚਰਚਾ ਕੀਤੀ ਗਈ। ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਵਿਚ ਸ਼ਾਮਲ ਲੋਕਾਂ ਖਿਲਾਫ ਸਾਂਝੇ ਆਪ੍ਰੇਸ਼ਨ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਦੇ ਉਤਪਾਦਨ ਅਤੇ ਵਿਕਰੀ ਨੂੰ ਰੋਕਣ ਲਈ ਅਪਣਾਏ ਜਾਣ ਵਾਲੇ ਸੰਚਾਲਨ ਅਭਿਆਸਾਂ ਬਾਰੇ ਵੀ ਰਣਨੀਤੀ ਤਿਆਰ ਕੀਤੀ ਗਈ ਹੈ।


ਹੋਰ ਜਾਣਕਾਰੀ ਦਿੰਦਿਆਂ ਏ.ਆਈ.ਜੀ.ਕਲੇਰ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਆਬਕਾਰੀ ਪੁਲਿਸ ਨੂੰ ਗੈਰ-ਕਾਨੂੰਨੀ ਢੰਗ ਨਾਲ ਕੱਢੀ ਸ਼ਰਾਬ ਦੇ ਉਤਪਾਦਨ ਅਤੇ ਵਿਕਰੀ ਦੇ ਟਿਕਾਣਿਆਂ ਦੀ ਪਛਾਣ ਕਰਨ ਲਈ ਜਾਗਰੂਕ ਕਰਨ ਲਈ ਇੱਕ ਪਾਵਰ ਪੁਆਇੰਟ ਪੇਸ਼ਕਾਰੀ ਵੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਆਬਕਾਰੀ ਪੁਲਿਸ ਅਧਿਕਾਰੀਆਂ ਨੇ ਨਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਵੱਲੋਂ ਵਰਤੀਆਂ ਜਾ ਰਹੀਆਂ ਨਵੀਆਂ ਚਾਲਾਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਆਪਣੇ ਤਜ਼ਰਬੇ ਅਤੇ ਸਫਲਤਾਵਾਂ ਸਾਂਝੀਆਂ ਕੀਤੀਆਂ।


ਏ.ਆਈ.ਜੀ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਸੂਬੇ ਦੇ ਸਮੂਹ ਪੁਲਿਸ ਆਬਕਾਰੀ ਮੁਖੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਹ ਵਰਕਸ਼ਾਪ ਪੁਲਿਸ ਜਾਂਚ ਨੂੰ ਪੂਰੀ ਤਰ੍ਹਾਂ ਪੇਸ਼ੇਵਰ ਅਤੇ ਨਿਰਪੱਖ ਢੰਗ ਨਾਲ ਕਰਨ ਦੇ ਤਰੀਕਿਆਂ 'ਤੇ ਕੇਂਦਰਿਤ ਸੀ। ਏਆਈਜੀ ਨੇ ਕਿਹਾ, "ਮੀਟਿੰਗ ਦੌਰਾਨ ਪੁਲਿਸ ਆਬਕਾਰੀ ਮੁਖੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਆਪਣੀ ਕਾਰਗੁਜ਼ਾਰੀ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ", ਏਆਈਜੀ ਨੇ ਕਿਹਾ ਕਿ ਆਬਕਾਰੀ ਪੁਲਿਸ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਦੀ ਨਿਯਮਤ ਅਧਾਰ 'ਤੇ ਸਮੀਖਿਆ ਕੀਤੀ ਜਾ ਰਹੀ ਹੈ।

Story You May Like