The Summer News
×
Sunday, 08 March 2026

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ'ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ

ਬਟਾਲਾ, 3 ਮਾਰਚ:  ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ' ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣਤਾ 'ਕਿਸਾਨ ਆਈ.ਡੀ.' ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ

ਖੇਤੀਬਾੜੀ ਵਿਭਾਗ ਨੇ ਸਾਰੇ ਯੋਗ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜ਼ਮਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ 'ਤੇ ਹੀ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਮੁਕੰਮਲ ਹੋ ਸਕੇ।

 

Story You May Like