The Summer News
×
Thursday, 16 May 2024

ਪੰਜਾਬੀ ਭਾਸ਼ਾ, ਸਾਹਿਤ ਅਤੇ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਚਿੰਤਾਜਨਕ-ਲਖਵਿੰਦਰ ਜੌਹਲ

ਲੁਧਿਆਣਾ - ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਪ੍ਰਫੁੱਲਿਤ ਕਰਨ ਵਾਲੀਆਂ ਸੰਸਥਾਵਾਂ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ, ਉਨ੍ਹਾਂ ਦੀਆਂ ਲੋੜਾਂ ਅਨੁਸਾਰ ਬਜਟ ਮੁਹੱਈਆ ਕਰਵਾਇਆ ਜਾਵੇ।


ਡਾ. ਜੌਹਲ ਨੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਆਸ਼ੇ ਨਾਲ ਬਣੀ ਪੰਜਾਬੀ ਯੂਨੀਵਰਸਿਟੀ ਇਸ ਵੇਲੇ ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰ ਰਹੀ ਹੈ। ਜੋ ਕਿ ਪੇਂਡੂ ਇਲਾਕਿਆਂ ਵਿੱਚੋਂ ਆਉਂਦੇ ਹਨ। ਪਰ ਸਰਕਾਰ ਦੀ ਬੇਰੁਖ਼ੀ ਕਾਰਨ ਉਨ੍ਹਾਂ ਦਾ ਭਵਿੱਖ ਧੁੰਦਲਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਉਠਾਉਣ ਲਈ ਬਹੁਤ ਜ਼ਰੂਰੀ ਹੈ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਵਿਚ ਮਿਆਰੀ ਸਿੱਖਿਆ ਦੀ ਅਣਹੋਂਦ ਅਤੇ ਰੋਜ਼ਗਾਰ ਦੀ ਘਾਟ ਕਾਰਨ ਹੀ ਨਵੀਂ ਪੀੜ੍ਹੀ ਵਿਦੇਸ਼ਾਂ ਨੂੰ ਜਾਣ ਲਈ ਮਜਬੂਰ ਹੋ ਰਹੀ ਹੈ।


ਪੰਜਾਬੀ ਯੂਨੀਵਰਸਿਟੀ ਨੂੰ ਹਰ ਸਾਲ ਲਗਭਗ 575 ਕਰੋੜ ਰੁਪਏ ਦੀ ਲੋੜ ਹੁੰਦੀ ਹੈ। ਜਿਸ ਵਿੱਚੋਂ ਲਗਭਗ 200 ਕਰੋੜ ਰੁਪਏ ਫੀਸਾਂ ਅਤੇ ਹੋਰ ਸਰੋਤਾਂ ਤੋਂ ਆਉਂਦੇ ਹਨ। ਹਰ ਸਾਲ ਲਗਭਗ ਸਾਢੇ ਤਿੰਨ ਸੌ ਕਰੋੜ ਦਾ ਘਾਟਾ ਝੱਲ ਰਹੀ ਇਸ ਯੂਨੀਵਰਸਿਟੀ ਲਈ ਪੰਜਾਬ ਸਰਕਾਰ ਵਲੋਂ ਇਸ ਬਜਟ ਵਿਚ ਸਿਰਫ਼ 164 ਕਰੋੜ ਰੁਪਏ ਹੀ ਰੱਖੇ ਗਏ ਹਨ। ਇਹ ਪਿਛਲੇ ਸਾਲ ਰੱਖੇ ਗਏ ਬਜਟ ਨਾਲੋਂ ਵੀ 36 ਕਰੋੜ ਰੁਪਏ ਘੱਟ ਹਨ।


ਡਾ. ਲਖਵਿੰਦਰ ਸਿੰਘ ਜੌਹਲ ਨੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਵਿਕਾਸ ਲਈ ਬਣੀਆਂ ਸੰਸਥਾਵਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਉੱਤੇ ਚਿੰਤਾ ਪ੍ਰਗਟ ਕਰਦਿਆਂ ਮੰਗ ਕੀਤੀ ਹੈ ਕਿ ਸਰਕਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਕਲਾ ਪਰਿਸ਼ਦ, ਭਾਸ਼ਾ ਵਿਭਾਗ ਪੰਜਾਬ ਅਤੇ ਕੇਂਦਰੀ ਪੰਜਾਬੀ ਲੇਖਕ ਸਭਾਵਾਂ ਲਈ ਲੋੜੀਂਦੀ ਆਰਥਿਕ ਸਹਾਇਤਾ ਦਾ ਪ੍ਰਬੰਧ ਕਰੇ ਜਿਵੇਂ ਕਿ ਪੰਜਾਬ ਸਰਕਾਰ ਵਲੋਂ ਉਰਦੂ ਅਕਾਦਮੀ ਮਲੇਰ ਕੋਟਲਾ ਲਈ ਕੀਤਾ ਗਿਆ ਹੈ। ਅਜਿਹਾ ਕਰਕੇ ਹੀ ਸਰਕਾਰ "ਰੰਗਲਾ ਪੰਜਾਬ" ਦੇ ਸੰਕਲਪ ਨੂੰ ਸਾਕਾਰ ਕਰਨ ਵਲ ਅਗੇ ਵਧ ਸਕੇਗੀ।

Story You May Like