The Summer News
×
Tuesday, 25 March 2025

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ: ਝੋਨੇ ਦੀ ਪਰਾਲੀ ਦੀ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੀ ਮੁਹਿੰਮ ਦੇ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਆਸਾ ਬੁੱਟਰ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।


ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਕਰਮਜੀਤ ਸ਼ਰਮਾ, ਇੰਚਾਰਜ, ਕੇ. ਵੀ. ਕੇ. ਮੁਕਤਸਰ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਜਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ। ਉਹਨਾਂ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ।


ਇਸ ਦੌਰਾਨ ਡਾ. ਗੁਰਮੇਲ ਸਿੰਘ, ਸਹਾਇਕ ਪ੍ਰੋਫ਼ੈਸਰ (ਪੌਦ ਸੁਰੱਖਿਆ) ਨੇ ਪਰਾਲੀ ਦੀ ਖੇਤਾਂ ਵਿੱਚ ਹੀ ਸਾਂਭ ਸੰਭਾਲ ਕਰਨ ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਇਸ ਨਾਲ ਕਣਕ ਦੀ ਬਿਜਾਈ ਦਾ ਖਰਚਾ ਤਾਂ ਘਟਦਾ ਹੀ ਹੈ ਅਤੇ ਨਾਲ ਹੀ ਪਰਾਲੀ ਵਿੱਚ ਮੌਜੂਦ ਖੁਰਾਕੀ ਤੱਤ ਜ਼ਮੀਨ ਵਿੱਚ ਮਿਲ ਕੇ ਜ਼ਮੀਨ ਨੂੰ ਉਪਜਾਊ ਵੀ ਬਣਾਉਦੇ ਹਨ।


ਇਸ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦਿੱਤੀ। ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪ੍ਰੇਰਦੇ ਹੋਏ ਦੱਸਿਆ ਕਿ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਦਾ ਸੁਨੇਹਾਂ ਪਿੰਡ ਦੇ ਕਿਸਾਨਾਂ ਤੱਕ ਪਹੁੰਚਾ ਕੇ ਇਸ ਸਮਾਜਿਕ ਕੰਮ ਵਿੱਚ ਉਹ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ।


ਇਸ ਪ੍ਰੋਗਰਾਮ ਦੌਰਾਨ ਸਕੂਲੀ ਵਿਦਿਆਰਥੀਆਂ ਲਈ ਭਾਸ਼ਣ ਮੁਕਾਬਲੇ ਅਤੇ ਪੋਸਟਰ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦਿੱਤੇ ਗਏ। ਪਿੰਡ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਵਿੱਚ ਪਰਾਲੀ ਸੰਭਾਲ ਨਾਲ ਸਬੰਧਿਤ ਜਾਗਰੂਕਤਾ ਰੈਲੀ ਦਾ ਆਯੋਜਨ ਵੀ ਕੀਤਾ ਗਿਆ।


ਕੈਂਪ ਦੇ ਅਖੀਰ ਵਿੱਚ ਸ੍ਰੀ ਹਰਜੀਤ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ, ਸਕੂਲ ਪ੍ਰਸ਼ਾਸਨ, ਪ੍ਰਬੰਧਕੀ ਸਟਾਫ਼ ਅਤੇ ਵਿਦਿਆਰਥੀਆਂ ਦਾ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।

Story You May Like