The Summer News
×
Monday, 20 May 2024

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਨੇ ਪਰਾਲੀ ਪ੍ਰਬੰਧਨ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ: ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀਤੇ ਦਿਨੀਂ ਪਿੰਡ ਬਧਾਈ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।


ਇਸ ਪ੍ਰੋਗਰਾਮ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਨੂੰ ਖੇਤਾਂ ਵਿੱਚ ਸਾੜਣ ਨਾਲ ਵਾਤਾਵਰਨ, ਸਿਹਤ ਅਤੇ ਜ਼ਮੀਨ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਅਤੇ ਪਰਾਲੀ ਦੀ ਜ਼ਮੀਨ ਵਿੱਚ ਸਾਂਭ ਸੰਭਾਲ ਨਾਲ ਕਿਸਾਨਾਂ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।


ਉਹਨਾਂ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵੱਖ-ਵੱਖ ਤਰਾਂ ਦੀਆਂ ਤਕਨੀਕਾਂ ਜਿਵੇਂ ਕਿ ਸੁਪਰ ਐਸ ਐਮ ਐਸ, ਹੈਪੀ ਸੀਡਰ, ਸਮਾਰਟ ਸੀਡਰ, ਸਰਫ਼ੇਸ ਸੀਡਰ, ਸੁਪਰ ਸੀਡਰ, ਉਲਟਾਂਵੇਂ ਹਲ, ਮਲਚਰ/ਕਟਰ ਕਮ ਸਪਰੈਡਰ, ਜ਼ੀਰੋ ਡਰਿੱਲ ਵਿਕਸਤ ਕੀਤੀਆਂ ਗਈਆਂ ਹਨ, ਜਿਹਨਾਂ ਦੀ ਵਰਤੋਂ ਨਾਲ ਪਰਾਲੀ ਨੂੰ ਖੇਤ ਵਿੱਚ ਸਾਂਭਦੇ ਹੋਏ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਨਾਲ ਉਹਨਾਂ ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ।


ਇਸ ਮੌਕੇ ਡਾ. ਗੁਰਮੇਲ ਸਿੰਘ ਸੰਧੂ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਵਰਤੋਂ ਅਤੇ ਰੱਖ ਰਖਾਅ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇਹਨਾਂ ਮਸ਼ੀਨਾਂ ਦੀ ਵਰਤੋਂ ਨਾਲ ਖੇਤ ਦੀ ਤਿਆਰੀ ਤੇ ਹੋਣ ਵਾਲਾ ਖਰਚਾ ਘੱਟ ਜਾਂਦਾ ਹੈ, ਜਿਸ ਨਾਲ ਕਿਸਾਨ ਦੀ ਸ਼ੁੱਧ ਆਮਦਨ ਵਿੱਚ ਵਾਧਾ ਹੁੰਦਾ ਹੈ। ਉਹਨਾਂ ਨੇ ਪਰਾਲੀ ਵਾਲੇ ਖੇਤਾਂ ਵਿੱਚ ਬੀਜੀ ਕਣਕ ’ਤੇ ਆਉਣ ਵਾਲੇ ਕੀੜੇ ਮਕੌੜਿਆਂ ਦੇ ਜੀਵਨ ਚੱਕਰ, ਫੈਲਾਅ, ਨੁਕਸਾਨ ਅਤੇ ਅਗੇਤੀ ਰੋਕਥਾਮ ਸੰਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕਣਕ ਵਿੱਚ ਸੁੰਡੀ ਦੀ ਰੋਕਥਾਮ ਲਈ ਝੋਨੇ ਵਿੱਚ ਹੀ ਸੁੰਡੀ ਦਾ ਸਰਵੇਖਣ ਅਤੇ ਉਸਦੀ ਰੋਕਥਾਮ ਕਰਨੀ ਜ਼ਰੂਰੀ ਹੈ। ਇਸ ਤੋਂ ਇਲਾਵਾ, ਉਹਨਾਂ ਨੇ ਹਾੜ੍ਹੀ ਦੀ ਮੱਖ ਫ਼ਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ।


ਇਸ ਮੌਕੇ ਚਰਨਜੀਤ ਕੌਰ, ਗ੍ਰਹਿ ਵਿਗਿਆਨ ਨੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕੇ.ਵੀ.ਕੇ. ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਜਾਗਰੂਕਤਾ ਕੈਂਪ, ਸਿਖਲਾਈ ਕੋਰਸ, ਪ੍ਰਦਰਸ਼ਨੀਆਂ, ਐਕਸਪੋਜ਼ਰ ਫ਼ੇਰੀਆਂ ਆਦਿ ਬਾਰੇ ਕਿਸਾਨਾਂ ਨੂੰ ਚਾਨਣਾ ਪਾਇਆ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਖੇਤੀ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ।


ਕੈਂਪ ਦੇ ਅਖੀਰ ਵਿੱਚ ਡਾ. ਗੁਰਮੇਲ ਸਿੰਘ ਸੰਧੂ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।ਕੈਂਪ ਵਿਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ’ਤੇ ਜਵਾਬ ਦਿੱਤੇ ਗਏ।

Story You May Like