The Summer News
×
Monday, 20 May 2024

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ: ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਸਿੰਘੇਵਾਲਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਅਗਾਂਹਵਧੂ ਕਿਸਾਨ ਵੀਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।


ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕੇ.ਵੀ.ਕੇ. ਮੁਕਤਸਰ ਨੇ ਪਰਾਲੀ ਨੂੰ ਖੇਤਾਂ ਵਿੱਚ ਸਾੜਣ ਨਾਲ ਵਾਤਾਵਰਨ, ਸਿਹਤ ਅਤੇ ਜ਼ਮੀਨ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਵਿਕਸਤ ਕੀਤੀਆਂ ਗਈਆਂ ਵੱਖ-ਵੱਖ ਤਕਨੀਕਾਂ ਬਾਰੇ ਕਿਸਾਨਾਂ ਨੂੰ ਚਾਨਣਾ ਪਾਇਆ।


ਉਹਨਾਂ ਦੱਸਿਆ ਕਿ ਇਹਨਾਂ ਤਕਨੀਕਾਂ ਦੀ ਵਰਤੋਂ ਨਾਲ ਖੇਤ ਦੀ ਤਿਆਰੀ ਤੇ ਹੋਣ ਵਾਲਾ ਖਰਚਾ ਘਟ ਜਾਂਦਾ ਹੈ, ਜਿਸ ਨਾਲ ਕਿਸਾਨ ਦੀ ਸ਼ੁੱਧ ਆਮਦਨ ਵਿੱਚ ਵਾਧਾ ਹੁੰਦਾ ਹੈ। ਇਸ ਦੌਰਾਨ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਮੁਕਤਸਰ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਵੀ ਜ਼ਿਕਰ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਖੇਤੀ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ।


ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ, ਉਹਨਾਂ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਵਰਤੋਂ ਅਤੇ ਰੱਖ ਰਖਾਅ ਬਾਰੇ ਵੀ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ।


ਡਾ. ਗੁਰਮੇਲ ਸਿੰਘ ਸੰਧੂ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਵਾਲੇ ਖੇਤਾਂ ਵਿੱਚ ਬੀਜੀ ਕਣਕ ਤੇ ਆਉਣ ਵਾਲੇ ਕੀੜੇ ਮਕੌੜਿਆਂ ਦੇ ਜੀਵਨ ਚੱਕਰ, ਫੈਲਾਅ, ਨੁਕਸਾਨ ਅਤੇ ਅਗੇਤੀ ਰੋਕਥਾਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਣਕ ਵਿੱਚ ਸੁੰਡੀ ਦੀ ਰੋਕਥਾਮ ਲਈ ਝੋਨੇ ਵਿੱਚ ਹੀ ਸੁੰਡੀ ਦਾ ਸਰਵੇਖਣ ਅਤੇ ਉਸਦੀ ਰੋਕਥਾਮ ਕਰਨੀ ਜ਼ਰੂਰੀ ਹੈ।ਉਹਨਾਂ ਨੇ ਪਰਾਲੀ ਵਾਲੇ ਖੇਤਾਂ ਵਿੱਚ ਚੂਹਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ।


ਇਸ ਮੌਕੇ ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਸ਼ੂਆਂ ਦੇ ਵਾਰ ਵਾਰ ਫ਼ਿਰ ਜਾਣ ਦੀ ਸਮੱਸਿਆ ਬਾਰੇ ਜਾਣਕਾਰੀ ਦਿੰਦੇ ਹੋਏ ਪਸ਼ੂ ਪਾਲਕਾਂ ਨੂੰ ਹੇਹੇ ਦੇ ਲੱਛਣਾਂ ਬਾਰੇ ਅਤੇ ਟੀਕਾ ਭਰਾਉਣ ਦੇ ਸਹੀ ਸਮੇਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਦਧਾਰੂ ਪਸ਼ੂਆਂ ਅਤੇ ਨਵਜੰਮੇ ਬੱਚਿਆਂ ਦੀ ਖੁਰਾਕ ਸਬੰਧੀ ਸੁਝਾਅ ਕਿਸਾਨ ਵੀਰਾਂ ਨਾਲ ਸਾਂਝੇ ਕੀਤੇ। ਇਸ ਤੋਂ ਇਲਾਵਾ, ਉਹਨਾਂ ਨੇ ਪਸ਼ੂਆਂ ਵਿੱਚ ਹੋਣ ਵਾਲੇ ਰੋਗਾਂ ਬਾਰੇ ਅਤੇ ਟੀਕਾਕਰਨ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ।


ਕੈਂਪ ਦੇ ਅਖੀਰ ਵਿੱਚ ਮੈਡਮ ਚਰਨਜੀਤ ਕੌਰ, ਗ੍ਰਹਿ ਵਿਿਗਆਨ ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਕੈਂਪ ਵਿਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਕਾਫੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ਤੇ ਜਵਾਬ ਦਿੱਤੇ ਗਏ।

Story You May Like