The Summer News
×
Sunday, 12 May 2024

ਸਿਵਲ ਸਰਜਨ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਨਿਵਾਸੀਆਂ ਨੂੰ ਦਿੱਤਾ ਸੰਦੇਸ਼

ਨਵਾਂਸ਼ਹਿਰ, 16 ਮਈ 2023 : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੇ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅੱਜ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਇਸੇ ਕੜੀ ਤਹਿਤ ਮਾਸ ਮੀਡੀਆ ਟੀਮ, ਸ਼ਹੀਦ ਭਗਤ ਸਿੰਘ ਨਗਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ। ਇਸ ਦਿਨ ਲੋਕਾਂ ਨੂੰ ਡੇਂਗੂ ਅਤੇ ਚਿਕਨਗੁਨੀਆ ਦੇ ਲੱਛਣ, ਰੋਕਥਾਮ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ।


ਇਸੇ ਦੌਰਾਨ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਰਾਸ਼ਟਰੀ ਡੇਂਗੂ ਦਿਵਸ ਦੇ ਮੱਦੇਨਜ਼ਰ ਆਪਣੇ ਸੰਦੇਸ਼ ਵਿਚ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਵਚਨਬੱਧ ਹੈ। ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਘਰਾਂ ਵਿਚ ਜਾ ਕੇ ਡੇਂਗੂ ਦੇ ਲਾਰਵੇ ਦੀ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਜਸਪ੍ਰੀਤ ਕੌਰ ਨੇ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪ੍ਰਹੇਜ਼ ਜ਼ਿਆਦਾ ਬਿਹਤਰ ਹੈ।


ਉਨ੍ਹਾਂ ਦੱਸਿਆ ਕਿ ਹਰ ਫਰਾਈ ਡੇਅ ਨੂੰ ਡਰਾਈ ਡੇਅ ਦੇ ਤੌਰ’ਤੇ ਮਨਾਇਆ ਜਾਵੇ ਅਤੇ “ਹਰ ਐਤਵਾਰ ਡੇਂਗੂ ’ਤੇ ਵਾਰ” ਮੁਹਿੰਮ ਛੇੜੀ ਜਾਵੇ। ਡੇਂਗੂ ਬੁਖ਼ਾਰ ਦਾ ਸੀਜ਼ਨ ਚੱਲ ਰਿਹਾ ਹੈ। ਡੇਂਗੂ ਬੁਖ਼ਾਰ ਮਾਦਾ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਸ ਨੂੰ 'ਟਾਈਗਰ ਮੱਛਰ' ਵੀ ਕਹਿੰਦੇ ਹਨ। ਇਸ ਦੇ ਸਰੀਰ ਉੱਤੇ ਟਾਈਗਰ ਵਰਗੀਆਂ ਕਾਲੀਆਂ ਚਿੱਟੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ। ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿੱਛੇ ਲੱਗੀਆਂ ਟਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉੱਪਰ ਪਏ ਟਾਇਰ, ਕਬਾੜ ਆਦਿ ਵਿਚ ਖੜ੍ਹੇ ਸਾਫ਼ ਪਾਣੀ 'ਚ ਪੈਦਾ ਹੁੰਦਾ ਹੈ। ਇਕ ਹਫ਼ਤੇ 'ਚ ਇਕ ਆਂਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਕ ਚੱਮਚ ਪਾਣੀ 'ਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ।


ਉਨ੍ਹਾਂ ਮੀਡੀਆ ਜ਼ਰੀਏ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਾਨੂੰ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਹਫਤੇ ਵਿਚ ਇਕ ਵਾਰ ਕੂਲਰਾਂ, ਗਮਲਿਆਂ, ਫਰਿਜ਼ ਦੀ ਟਰੇਅ ਦੀ ਸਫਾਈ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਬੁਖਾਰ ਵਾਲੇ ਮਰੀਜ਼ ਨੂੰ ਨੇੜੇ ਦੀ ਸਿਹਤ ਸੰਸਥਾ ਜਾਂ ਹਸਪਤਾਲ ਨਾਲ ਮੁਫਤ ਜਾਂਚ ਲਈ ਸੰਪਰਕ ਕਰਨਾ ਚਾਹੀਦਾ ਹੈ। ਡੇਂਗੂ ਦਾ ਟੈਸਟ ਅਤੇ ਇਲਾਜ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਹੈ।


ਡਾ. ਕੌਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਲ਼ੀਆਂ, ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

Story You May Like