ਪ੍ਰਸ਼ਾਸਨ ਵੱਲੋਂ ਲੁਧਿਆਣਾ 'ਚ ਪੈਰਾ ਇੰਟਰਨੈਸ਼ਨਲ ਬੈਡਮਿੰਟਨ ਖਿਡਾਰੀ ਅਸ਼ਵਨੀ, ਸ਼ਬਾਨਾ, ਪੈਰਾ ਟੀਟੀ ਖਿਡਾਰੀ ਸ਼ੁਭਮ ਨੂੰ ਦਿਵਿਆਂਗ ਆਈਕਨ ਵਜੋਂ ਕੀਤਾ ਨਿਯੁਕਤ
ਥਰਮਲ ਪਲਾਂਟ ਦੇ ਦੌਰੇ ਦੌਰਾਨ ਉਦਯੋਗਿਕ ਵਿਕਾਸ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਦਿੱਤੇ ਆਦੇਸ਼
ਬਠਿੰਡਾ: ਪੰਜਾਬ ਦੇ ਆਮ ਲੋਕਾਂ ਦੁਆਰਾ ਚੁਣੀ ਹੋਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿਛਲੇ ਸਿਸਟਮ ਨੂੰ ਸੁਧਾਰ ਕੇ ਲੋਕਾਂ ਨੂੰ ਬੇਹਤਰ ਤਰੀਕੇ ਨਾਲ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੁੱਡਾ ਦਫ਼ਤਰ ਵਿਖੇ ਵੱਖ-ਵੱਖ ਐਸੋਸ਼ੀਏਸ਼ਨਾਂ, ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ । ਇਸ ਮੌਕੇ ਉਨ੍ਹਾਂ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਜਾਇਜ਼ ਸਮੱਸਿਆਵਾਂ ਦੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ ਗਏ। ਇਸ ਮੌਕੇ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਅਤੇ ਰਾਮਪੁਰਾ ਹਲਕੇ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਤੇ ਪ੍ਰਿੰਸੀਪਲ ਸਕੱਤਰ ਏ.ਕੇ. ਸਿਨਹਾ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਨੀਲ ਗਰਗ ਅਤੇ ਅਨਿੱਲ ਠਾਕਰ ਵੀ ਉਨ੍ਹਾਂ ਨਾਲ ਮੌਜੂਦ ਰਹੇ ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਜਿਸ ਤਰ੍ਹਾਂ ਲੋਕਾਂ ਨੇ ਭਾਰੀ ਸਹਿਯੋਗ ਦਿੰਦਿਆਂ ਪੂਰੇ ਉਤਸ਼ਾਹ ਨਾਲ ਚੁਣਿਆ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਆਸਾਂ ਉਮੰਗਾਂ ਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜੋ ਕੰਮ ਪਿਛਲੇ ਸਮੇਂ ਦੀਆਂ ਸਰਕਾਰਾਂ ਵੱਲੋਂ ਨਹੀਂ ਕੀਤੇ ਗਏ, ਉਹ ਕੰਮ ਹੁਣ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹਿਰ ਦੀਆਂ ਵੱਖ-ਵੱਖ ਐਸੋਸੀਏਸ਼ਨਾਂ, ਕਲੋਨਾਈਜ਼ਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਵੱਲੋਂ ਸ਼ਹਿਰ ਦੇ ਵਿਕਾਸ ਲਈ ਦਿੱਤੇ ਗਏ ਲੋੜੀਂਦੇ ਸੁਝਾਵਾਂ ਤੇ ਅਮਲ ਕਰਨ ਦਾ ਵੀ ਯਕੀਨ ਦਿਵਾਇਆ।
ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਚ ਅਧਿਕਾਰੀਆਂ ਨੂੰ ਨਾਲ ਲੈਕੇ ਬਠਿੰਡਾ ਥਰਮਲ ਪਲਾਂਟ ਦੀ ਕਰੀਬ 800 ਏਕੜ ਰਾਖ ਦੇ ਡੰਪ ਵਾਲੀ ਜ਼ਮੀਨ ਦਾ ਵੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਇੱਥੇ ਉਦਯੋਗਿਕ ਡਿਵੈਲਪਮੈਂਟ ਤਹਿਤ ਅਜਿਹੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ ਦਿੱਤੇ, ਜਿਨ੍ਹਾਂ ਨਾਲ ਬਠਿੰਡਾ ਦਾ ਹੋਰ ਵਿਕਾਸ ਅਤੇ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਦੌਰੇ ਮੌਕੇ ਕੈਬਨਿਟ ਮੰਤਰੀ ਨੇ ਪੁੱਡਾ ਵੱਲੋਂ ਮਾਨਸਾ ਰੋਡ ਤੇ ਪੁੱਡਾ ਅਰਬਨ ਅਸਟੇਟ ਫੇਸ 6 ਅਤੇ 7 ਬਣਾਉਣ ਲਈ ਤਲਾਸ਼ ਕੀਤੀ ਗਈ ਢੁਕਵੀਂ ਜ਼ਮੀਨ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਗਿਆ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਕਰਵਾਏ ਗਏ ਸਮਾਗਮ ਵਿੱਚ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਤੋਂ ਵੱਡਾ ਤੇ ਪਵਿੱਤਰ ਹੋਰ ਕੋਈ ਕਾਰਜ ਨਹੀਂ ਹੋ ਸਕਦਾ। ਉਨ੍ਹਾਂ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਸਿਸਟਮ ਸਬੰਧੀ ਕੀਤੇ ਜਾ ਰਹੇ ਸੁਧਾਰਾਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿੱਥੇ 16 ਨਵੇਂ ਮੈਡੀਕਲ ਕਾਲਜ ਅਤੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ, ਉਥੇ ਹੀ ਸੂਬੇ ਨੂੰ ਵਿਦਿਅਕ ਖੇਤਰ ਚ ਹੋਰ ਬੁਲੰਦੀਆਂ ਤੇ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਹਰ ਖੇਤਰ ਵਿੱਚ ਅੱਗੇ ਵਧ ਰਹੀਆਂ ਲੜਕੀਆਂ ਦੀ ਜਿੱਥੇ ਸ਼ਲਾਘਾ ਕੀਤੀ, ਉਥੇ ਹੀ ਉਨ੍ਹਾਂ ਪੜਾਈ ਦੇ ਖੇਤਰ ਵਿੱਚ ਪਛੜ ਰਹੇ ਲੜਕਿਆਂ ਨੂੰ ਵੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰ.ਪੀ.ਸਿੰਘ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਮ੍ਰਿਤਲਾਲ ਅਗਰਵਾਲ, ਦਿਹਾਤੀ ਪ੍ਰਧਾਨ ਗੁਰਜੰਟ ਸਿਵੀਆ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਲੋਕ ਸਭਾ ਇੰਚਾਰਜ ਸ਼੍ਰੀ ਰਾਕੇਸ਼ ਪੁਰੀ ਆਦਿ ਸਖ਼ਸ਼ੀਅਤਾਂ ਤੇ ਉਚ ਅਧਿਕਾਰੀ ਹਾਜ਼ਰ ਸਨ।