The Summer News
×
Friday, 17 May 2024

ਕੌਮੀ ਸੜਕ ਸੁਰੱਖਿਆ ਸਪਤਾਹ ਦੌਰਾਨ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

ਗੁਰਦਾਸਪੁਰ, 16 ਜਨਵਰੀ - ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਸਪਤਾਹ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ ਜਨਤਾ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਖੇਤਰੀ ਟਰਾਂਸਪੋਰਟ ਅਧਿਕਾਰੀ ਗੁਰਦਾਸਪੁਰ ਦਵਿੰਦਰ ਕੁਮਾਰ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਵੱਲੋਂ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ, ਟੈਕਸੀ ਸਟੈਂਡਾਂ ਅਤੇ ਬੱਸ ਸਟੈਂਡਾਂ ਵਿਖੇ ਸੈਮੀਨਾਰ ਲਗਾ ਕੇ ਆਵਾਜਈ ਨਿਯਮਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਟਰਾਂਸਪੋਰਟ ਵਿਭਾਗ ਵੱਲੋਂ ਟਰੈਫਿਕ ਪੁਲਿਸ ਗੁਰਦਾਸਪੁਰ ਦੇ ਸਹਿਯੋਗ ਨਾਲ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਖੇ ਅਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਏ ਗਏ। ਸੈਮੀਨਾਰ ਦੌਰਾਨ ਟ੍ਰਫਿਕ ਪੁਲਿਸ ਗੁਰਦਾਸਪੁਰ ਦੇ ਐਜੂਕੇਸ਼ਨ ਸੈੱਲ ਦੇ ਸਬ ਇੰਸਪੈਕਟਰ ਨੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਦਾ ਫਰਜ ਹੈ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਅਕਸਰ ਹੀ ਭਿਆਨਕ ਸੜਕ ਹਾਦਸੇ ਵਾਪਰਦੇ ਹਨ ਜਿਸ ਵਿੱਚ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਓਹਨਾਂ  ਕਿਹਾ ਕਿ ਉਹ ਆਪਣੇ ਮਾਪਿਆਂ, ਰਿਸ਼ਤੇਦਾਰਾਂ ਤੇ ਦੋਸਤਾਂ ਮਿੱਤਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨ ਤਾਂ ਜੋ ਅਨਮੋਲ ਮਨੁੱਖੀ ਜਾਨਾਂ ਨੂੰ ਅਜਾਈਂ ਜਾਣ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਅਤੇ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਪਹਿਨਣਾ ਬਹੁਤ ਜਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ `ਤੇ ਹਰੀ ਬੱਤੀ ਹੋਣ ਤੱਕ ਇੰਤਜਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ `ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ।

ਇਸੇ ਦੌਰਾਨ ਖੇਤਰੀ ਟਰਾਂਸਪੋਰਟ ਅਧਿਕਾਰੀ ਗੁਰਦਾਸਪੁਰ ਦਵਿੰਦਰ ਕੁਮਾਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 17 ਜਨਵਰੀ ਤੱਕ ਵਿਸ਼ੇਸ਼ ਤੌਰ ’ਤੇ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਅੱਜ ਪੰਜਾਬ ਰੋਡਵੇਜ਼ ਦੇ ਡੀਪੂ ਬਟਾਲਾ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਡਰਾਈਵਰਾਂ ਦੀ ਨਜ਼ਰ ਵੀ ਚੈੱਕ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਸੜਕੀ ਨਿਯਮਾਂ ਬਾਰ ਜਾਗਰੂਕਤਾ ਲਿਆਉਣ ਦੇ ਨਾਲ ਟਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।

Story You May Like