The Summer News
×
Friday, 13 June 2025

ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਨੇ ਮਲੋਟ ਵਿੱਚ ਸ਼ਹਿਰ ਲਗਾਤਾਰ ਦੂਜੇ ਦਿਨ ਲੋਕ ਮਿਲਣੀ ਕਰਕੇ ਸੁਣੇ ਲੋਕ ਮਸਲੇ


ਮਲੋਟ, 10 ਜੂਨ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨਾ ਹੈ। ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਵਿੱਚ ਲਗਾਤਾਰ ਦੂਜੇ ਦਿਨ ਲੋਕ ਮਿਲਣੀ ਕਰਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਹਲਕਾ ਵਾਸੀਆਂ ਦੀਆਂ ਸ਼ਕਾਇਤਾਂ ਅਤੇ ਮਸਲੇ ਸੁਣੇ। ਉਨ੍ਹਾਂ ਪੰਚਾਇਤਾਂ ਦੇ ਕੁਝ ਮਸਲੇ ਮੌਕੇ ਤੇ ਹੀ ਹੱਲ ਕੀਤੇ ਜਦ ਕਿ ਕੁਝ ਮਸਲਿਆਂ ਦੇ ਸਮਾਂਬੱਧ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।


ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕਿਆਂ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਕਾਰਜ ਆਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।


ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਲੋਟ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ 'ਤੇ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਸਬੰਧੀ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਉਨ੍ਹਾਂ ਦੀ ਸਹਾਇਤਾ ਅਤੇ ਮਾਰਗਦਰਸ਼ਨ ਨਾਲ ਸਫਲ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣ ਲਈ ਵਾਰ-ਵਾਰ ਖੇਤਰੀ ਦੌਰੇ ਕਰਨ ਲਈ ਵੀ ਕਿਹਾ ਤਾਂ ਜੋ ਪਿੰਡਾਂ ਦੇ ਵਿਕਾਸ ਨੂੰ ਵਿਆਪਕ ਪੱਧਰ ‘ਤੇ ਹੁਲਾਰਾ ਦਿੱਤਾ ਜਾ ਸਕੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਲਈ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਪਿੰਡ ਵਾਸੀਆਂ ਨਾਲ ਅਜਿਹੀਆਂ ਲੋਕ ਮਿਲਣੀਆਂ ਕਰਵਾਉਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਹ ਉਨ੍ਹਾਂ ਲੋਕਾਂ ਨੂੰ ਮਿਲਣਾ ਹੀ ਨਹੀਂ ਚਾਹੁੰਦੇ ਸਨ ਜਿਨ੍ਹਾਂ ਨੇ ਉਨ੍ਹਾਂ ਨੂੰ ਸੱਤਾ ਵਿੱਚ ਲਿਆਂਦਾ ਸੀ। ਇਸ ਮੌਕੇ ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਸ੍ਰੀ ਜਸ਼ਨ ਬਰਾੜ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਪੰਚਾਇਤਾਂ ਦੇ ਨੁਮਾਂਇੰਦੇ ਅਤੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।

Story You May Like