The Summer News
×
Monday, 20 May 2024

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਕਾਰਡ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾਣ

ਪਟਿਆਲਾ, 18 ਮਈ: ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਚਲਾਏ ਜਾ ਰਹੇ ਪ੍ਰਾਜੈਕਟ (ਯੂ.ਡੀ.ਆਈ.ਡੀ.) ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ ਹਰੇਕ ਯੋਗ ਦਿਵਿਆਂਗ ਵਿਅਕਤੀ ਨੂੰ ਵਿਲੱਖਣ ਪਹਿਚਾਣ ਕਾਰਡ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਦਿਵਿਆਂਗ ਵਿਅਕਤੀਆਂ ਨੂੰ ਰਜਿਸਟਰਡ ਕਰਵਾਉਣ ਦੇ ਕੰਮ ’ਚ ਤੇਜ਼ੀ ਲੈਕੇ ਆਉਣ।


ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਦਿਵਿਆਂਗ ਵਿਅਕਤੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਇਸ ਕੰਮ ਵਿੱਚ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਤਾਂ ਜੋ ਉਹ ਸਰਕਾਰੀ ਜਾਂ ਗੈਰ-ਸਰਕਾਰੀ ਸੁਵਿਧਾਵਾਂ ਤੋਂ ਵਾਂਝੇ ਨਾ ਰਹਿ ਸਕਣ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਾਰਡ ਬਣਾਉਣ ਸਬੰਧੀ ਦਿਵਿਆਂਗ ਵਿਅਕਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਯੋਗ ਹੱਲ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਸਿਹਤ ਵਿਭਾਗ ਆਪਸੀ ਤਾਲਮੇਲ ਨਾਲ ਦਿਵਿਆਂਗ ਵਿਅਕਤੀਆਂ ਨੂੰ ਯੂ.ਡੀ.ਆਈ.ਡੀ ਕਾਰਡ ਜਾਰੀ ਕਰਨ ਦੇ ਕੰਮ ’ਚ ਤੇਜ਼ੀ ਲਿਆਉਣ।


ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਦਿਵਿਆਂਗ ਵਿਦਿਆਰਥੀਆਂ ਨੂੰ ਰਜਿਸਟਰਡ ਕਰਵਾਉਣ। ਉਨ੍ਹਾਂ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਵੀ ਲਗਾਏ ਜਾਣ ਤਾਂ ਜੋ ਦਿਵਿਆਂਗਜਨ ਨੂੰ ਕਾਰਡ ਬਣਾਉਣ ਲਈ ਸਾਰੀਆਂ ਸੇਵਾਵਾਂ ਇਕ ਸਥਾਨ ’ਤੇ ਹੀ ਉਪਲਬਧ ਹੋ ਸਕਣ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਸਮੇਤ ਵੱਖ ਵੱਖ ‌‌ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Story You May Like