The Summer News
×
Wednesday, 15 May 2024

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ/ਅੰਮ੍ਰਿਤਸਰ, 10 ਅਪ੍ਰੈਲ : ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ, ਜਿਸ ਦੀ ਪਛਾਣ ਪਪਲਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁਲਜ਼ਮ ਨੂੰ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।


ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਪੁਲਿਸ ਟੀਮਾਂ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁਝ ਅਹਿਮ ਸੁਰਾਗਾਂ 'ਤੇ ਕਾਰਵਾਈ ਕਰ ਰਹੀਆਂ ਸਨ। ਆਈਜੀਪੀ, ਜਿਹਨਾਂ ਨਾਲ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਵੀ ਮੌਜੂਦ ਸਨ, ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਦਮ ਚੁੱਕਦਿਆਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਪੰਜਾਬ ਪੁਲੀਸ ਨੂੰ ਛੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਸਮੂਹ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਅਤੇ ਝੂਠੀਆਂ ਖ਼ਬਰਾਂ ਤੇ ਅਫਵਾਹਾਂ 'ਤੇ ਕੋਈ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ।

Story You May Like