The Summer News
×
Thursday, 09 May 2024

ਹੜ੍ਹ ਪੀੜਤਾਂ ਦੀ ਬਾਂਹ ਫੜਨ ਲਈ ਪੰਜਾਬੀਆਂ ਨੇ ਖੜ੍ਹੀ ਕੀਤੀ ਲੋਕ ਲਹਿਰ: ਕੈਬਨਿਟ ਮੰਤਰੀ

ਪਟਿਆਲਾ/ਸਮਾਣਾ, 16 ਜੁਲਾਈ : ਕੈਬਨਿਟ ਮੰਤਰੀ ਅਤੇ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਉਥੇ ਪੰਜਾਬੀਆਂ ਵਲੋਂ ਪਾਏ ਜਾ ਰਹੇ ਯੋਗਦਾਨ ਨੇ ਇਕ ਲੋਕ ਲਹਿਰ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਸਮਾਜ ਸੇਵੀਆਂ ਦਾ ਯੋਗਦਾਨ ਕਾਬਿਲੇ ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਸਮਾਣਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਉਹ ਖ਼ੁਦ ਪੀੜਤਾਂ ਦੀ ਮਦਦ ਕਰ ਰਹੇ ਹਨ ਅਤੇ ਦੇਖਿਆ ਜਾ ਰਿਹਾ ਹੈ ਕਿ ਰੋਜ਼ਾਨਾ ਵੱਖ-ਵੱਖ ਜ਼ਿਲ੍ਹਿਆਂ ਦੇ ਸਮਾਜਸੇਵੀ ਬੁਨਿਆਦੀ ਰਾਹਤ ਸਮੱਗਰੀ ਲੈ ਕੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰੜੀ ਪੰਜਾਬੀਆਂ ਵਲੋਂ ਇਕੱਲੇ ਪਟਿਆਲਾ ਜ਼ਿਲ੍ਹੇ ਵਿੱਚ ਹੀ ਨਹੀਂ, ਬਲਕਿ ਸੂਬੇ ਦੇ ਸਾਰੇ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।


ਲਗਾਤਾਰ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੇ ਕੈਬਨਿਟ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਆਰਜ਼ੀ ਰਾਹਤ ਕੇਂਦਰਾਂ ਵਿੱਚ ਠਹਿਰਾਇਆ ਜਾ ਰਿਹਾ ਹੈ ਅਤੇ ਇੱਥੇ ਸੂਬਾ ਸਰਕਾਰ ਵਲੋਂ ਮੁਫਤ ਸਿਹਤ ਸਹੂਲਤਾਂ ਤੋਂ ਇਲਾਵਾ ਖਾਣ-ਪੀਣ ਸਮੇਤ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਦੇ ਹਲਕਾ ਵਿਧਾਇਕ ਅਤੇ ਪ੍ਰਸ਼ਾਸ਼ਨ ਪੂਰੀ ਮਿਹਨਤ ਨਾਲ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ। ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਹਤ ਸਮੱਗਰੀ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਫ਼ਤ ਸਿਹਤ ਸਹੂਲਤਾਂ ਤੋਂ ਇਲਾਵਾ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵਲੋਂ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣਾ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬੀ ਇਸ ਔਖੀ ਘੜੀ ਵਿੱਚ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

Story You May Like