The Summer News
×
Saturday, 11 May 2024

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 17 ਮਾਰਚ: ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਕਰਮੀਆਂ ਨਾਲ ਚੋਣ ਤਿਆਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੇ ਨਾਲ ਐਸ.ਐਸ.ਪੀ. ਸ਼੍ਰੀ ਭਾਗੀਰਥ ਮੀਨਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਸਭਾ ਲਈ ਚੋਣਾਂ 1 ਜੂਨ 2024 ਨੂੰ ਹੋਣਗੀਆਂ ਅਤੇ ਨਾਮਜਦਗੀਆਂ 7 ਮਈ ਤੋਂ ਸ਼ੁਰੂ ਹੋਣਗੀਆਂ। ਨਾਮਜਦਗੀਆਂ ਭਰਨ ਦੀ ਆਖਰੀ ਮਿਤੀ 14 ਮਈ ਹੋਵੇਗੀ ਅਤੇ ਨਾਮਜਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ। 17 ਮਈ ਤੱਕ ਨਾਮਜਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਸਬੰਧੀ ਇੱਕ ਸ਼ਿਕਾਇਤ ਸੈੱਲ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਟੋਲ ਫਰੀ ਨੰਬਰ 1950 ਹੈ। ਕੋਈ ਵੀ ਆਦਰਸ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਇਸ ਨੰਬਰ ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਾ ਸਕਦਾ ਹੈ।


ਇਸ ਤੋਂ ਬਿਨਾਂ ਚੋਣ ਕਮਿਸ਼ਨ ਵੱਲੋਂ ਸੀ ਵਿਜ਼ਲ ਨਾਂ ਦੀ ਐਪ ਵੀ ਸ਼ੁਰੂ ਕੀਤੀ ਗਈ ਹੈ। ਜਿਸ ਦੇ ਰਾਹੀਂ ਆਦਰਸ ਚੋਣ ਜਾਬਤੇ ਦੀਆਂ ਉਲੰਘਣਾ ਸਬੰਧੀ ਸ਼ਿਕਾਇਤਾਂ ਕੀਤੀਆਂ ਜਾ ਸਕਦੀਆਂ ਹਨ ਅਤੇ ਇਸ ਐਪ ’ਤੇ ਆਉਣ ਵਾਲੀ ਸ਼ਿਕਾਇਤ ’ਤੇ 100 ਮਿੰਟ ਦੇ ਅੰਦਰ ਅੰਦਰ ਕਾਰਵਾਈ ਕੀਤੀ ਜਾਵੇਗੀ।


ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਤਿੰਨ ਲੋਕ ਸਭਾ ਹਲਕਿਆਂ ਵਿੱਚ ਪੈਂਦਾ ਹੈ। ਉਹਨਾਂ ਨੇ ਕਿਹਾ ਕਿ ਲੰਬੀ ਵਿਧਾਨ ਸਭਾ ਹਲਕਾ ਲੋਕ ਸਭਾ ਹਲਕਾ ਬਠਿੰਡਾ ਦਾ ਭਾਗ ਹੈ ਅਤੇ ਇਸ ਹਲਕੇ ਤੋਂ ਇਸ ਵਾਰ 163175 ਵੋਟਰ ਮਤਦਾਨ ਕਰਨਗੇ । ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਹਲਕਾ ਲੋਕ ਸਭਾ ਹਲਕਾ ਫਰੀਦਕੋਟ ਦਾ ਭਾਗ ਹੈ ਅਤੇ ਇੱਥੋਂ 165968 ਵੋਟਰ ਮਤਦਾਨ ਕਰਨਗੇ। ਵਿਧਾਨ ਸਭਾ ਹਲਕਾ ਮਲੋਟ ਅਤੇ ਮੁਕਤਸਰ ਲੋਕ ਸਭਾ ਹਲਕਾ ਫਿਰੋਜ਼ਪੁਰ ਦਾ ਭਾਗ ਹਨ। ਮਲੋਟ ਵਿਧਾਨ ਸਭਾ ਹਲਕੇ ਵਿਚ 174634 ਅਤੇ ਮੁਕਤਸਰ ਵਿੱਚ 185646 ਵੋਟਰ ਹਨ।


ਚੋਣ ਤਿਆਰੀਆਂ ਦੀ ਗੱਲ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਦੇ ਹਿਸਾਬ ਨਾਲ ਤਿੰਨ-ਤਿੰਨ ਉੜਨ ਦਸਤੇ ਚੌਕਸੀ ਲਈ ਪਹਿਲਾਂ ਹੀ ਤਾਇਨਾਤ ਕਰ ਦਿੱਤੇ ਗਏ ਹਨ । ਉਹਨਾਂ ਨੇ ਕਿਹਾ ਕਿ ਚੋਣਾਂ ਵਿੱਚ ਧਨ-ਬਲ ਨੂੰ ਸਖਤੀ ਨਾਲ ਰੋਕਿਆ ਜਾਵੇਗਾ। ਇਸ ਤੋਂ ਬਿਨਾਂ 85 ਸਾਲ ਤੋਂ ਵੱਡੀ ਉਮਰ ਦੇ ਬਜ਼ੁਰਗਾਂ ਨੂੰ ਘਰ ਤੋਂ ਵੋਟ ਪਾਉਣ ਦਾ ਅਧਿਕਾਰ ਵੀ ਇਸ ਵਾਰ ਮਿਲੇਗਾ। ਉਹਨਾਂ ਨੇ  ਮੀਡੀਆ ਨੁਮਾਇੰਦਿਆਂ ਨੂੰ ਫੇਕ ਨਿਊਜ਼ ਫੈਲਣ ਤੋਂ ਰੋਕਣ ਵਿੱਚ ਸਹਿਯੋਗ ਕਰਨ ਲਈ ਵੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਉਮੀਦਵਾਰਾਂ ਦੇ ਚੋਣ ਖਰਚ ਤੇ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ ਰਹੇਗੀ ਅਤੇ ਮੁੱਲ ਦੀਆਂ ਖਬਰਾਂ ਅਤੇ ਉਮੀਦਵਾਰਾਂ ਵੱਲੋਂ ਕੀਤੀ ਜਾਂਦੀ ਇਸ਼ਤਿਹਾਰਬਾਜ਼ੀ ਦੀ ਸਖਤੀ ਨਾਲ ਨਿਗਰਾਨੀ ਕੀਤੀ ਜਾਵੇਗੀ । ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਣਨ ਵਾਲੇ 753 ਪੋਲਿੰਗ ਬੂਥਾਂ ’ਤੇ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।


ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਸ਼੍ਰੀ ਭਾਗੀਰਥ ਮੀਨਾ ਨੇ ਕਿਹਾ ਕਿ ਨਿਰਪੱਖ ਚੋਣਾਂ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ ਹੈ । ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਰਾਜਸਥਾਨ ਅਤੇ ਹਰਿਆਣਾ ਨਾਲ ਲੱਗਦੀਆਂ ਹੱਦਾਂ ਤੇ 19 ਅੰਤਰਰਾਜੀ ਨਾਕੇ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇੱਕ ਪੈਰਾਮਿਲਟਰੀ ਫੋਰਸ ਦੀ ਕੰਪਨੀ ਪਹੁੰਚ ਚੁੱਕੀ ਹੈ ਅਤੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਸੁਰੱਖਿਆ ਬਲਾਂ ਵੱਲੋਂ ਫਲੈਗ ਮਾਰਚ ਕੀਤੇ ਜਾ ਰਹੇ ਹਨ । ਉਹਨਾਂ ਦੱਸਿਆ ਕਿ ਹੁਣ ਤੱਕ ਭਗੌੜੇ ਅਤੇ ਪੈਰੋਲ ਤੇ ਜਾ ਕੇ ਨਾ ਵਾਪਸ ਨਾ ਆਉਣ ਵਾਲੇ ਲੋਕਾਂ ਨੂੰ ਲਗਾਤਾਰ ਗਿਰਫਤਾਰ ਕੀਤਾ ਜਾ ਰਿਹਾ। ਇਸ ਮੌਕੇ ਐਸ.ਪੀ. ਸ੍ਰੀ ਕੰਵਲਜੀਤ ਸਿੰਘ, ਐਸ.ਡੀ.ਐਮ. ਬਲਜੀਤ ਕੌਰ, ਤਹਿਸੀਲਦਾਰ ਚੋਣਾਂ ਹਰਬੰਸ ਸਿੰਘ ਦੀ ਹਾਜਰ ਸਨ।

Story You May Like