The Summer News
×
Sunday, 19 May 2024

ਸਮਾਜ ਦੇ ਹਰ ਯੋਗ ਵਿਅਕਤੀ ਤੱਕ ਪੁੱਜੇ ਸਰਕਾਰੀ ਸਕੀਮਾਂ ਦਾ ਲਾਭ: ਗੁਰਮੀਤ ਸਿੰਘ ਖੁੱਡੀਆਂ

ਬਾਦਲ, (ਸ੍ਰੀ ਮੁਕਤਸਰ ਸਾਹਿਬ), 14 ਜੂਨ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਬਾਦਲ ਵਿਖੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਹਰ ਇਕ ਯੋਗ ਵਿਅਕਤੀ ਤੱਕ ਬਿਨ੍ਹਾਂ ਕਿਸੇ ਭੇਦਭਾਵ ਦੇ ਪਹੁੰਚਣਾ ਯਕੀਨੀ ਬਣਾਇਆ ਜਾਵੇ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਜਿਸ ਲਈ ਆਮ ਲੋਕ ਹੀ ਪੰਜਾਬ ਦੇ ਅਸਲੀ ਮਾਲਕ ਹਨ। ਇਸ ਲਈ ਯਕੀਨੀ ਬਣਾਇਆ ਜਾਵੇ ਕਿ ਆਮ ਲੋਕ ਦਫ਼ਤਰਾਂ ਵਿਖ ਖੱਜਲ ਖੁਆਰ ਨਾ ਹੋਣ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਅਤੇ ਗਰੀਬਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ ਅਤੇ ਸਰਕਾਰੀ ਦਫ਼ਤਰਾਂ ਵਿਚ ਪਾਰਦਰਸ਼ੀ ਤਰੀਕੇ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹਈਆ ਕਰਵਾਈਆਂ ਜਾਣ।

 

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਅਧਿਕਾਰੀ ਸਰਕਾਰ ਦੀਆਂ ਸਕੀਮਾਂ ਅਤੇ ਵਿਕਾਸ ਪ੍ਰੋਜ਼ੈਕਟਾਂ ਦੀ ਆਪ ਨਿਗਰਾਨੀ ਕਰਨ ਅਤੇ ਦਫ਼ਤਰਾਂ ਵਿਚ ਬੈਠਣ ਦੀ ਬਜਾਏ ਪਿੰਡਾਂ ਅਤੇ ਸ਼ਹਿਰਾਂ ਵਿਚ ਪਹੁੰਚ ਕੇ ਸਾਰੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਵਾਉਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਸਮਾਜ ਭਲਾਈ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਕਿਸੇ ਲੋੜਵੰਦ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਅਧਿਕਾਰੀ ਪਿੰਡਾਂ ਵਿਚ ਜਾ ਕੇ ਕੈਂਪ ਵੀ ਲਗਾਉਣ ਤੇ ਮੌਕੇ ਤੇ ਹੀ ਲੋਕਾਂ ਦੇ ਮਸਲੇ ਅਤੇ ਸਿ਼ਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ।

 

ਖੇਤੀ ਮੰਤਰੀ ਨੇ ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਧਰੀਆਂ ਖੇਤੀ ਤਕਨੀਕਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਅਤੇ ਲਗਾਤਾਰ ਕਿਸਾਨਾਂ ਨਾਲ ਰਾਬਤਾ ਬਣਾ ਕੇ ਉਨ੍ਹਾਂ ਨੂੰ ਘੱਟ ਲਾਗਤ ਨਾਲ ਜਿਆਦਾ ਆਮਦਨ ਲੈਣ ਅਤੇ ਕੁਦਰਤੀ ਸ਼ੋ੍ਰਤਾਂ ਦੀ ਰਾਖੀ ਲਈ ਜਾਣਕਾਰੀ ਦਿੱਤੀ ਜਾਵੇ।

 

ਕੈਬਨਿਟ ਮੰਤਰੀ ਨੇ ਸਮਾਜ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਲੋੜਵੰਦ ਲੋਕਾਂ ਦੀਆਂ ਬੁਢਾਪਾ ਪੈਨਸ਼ਨਾਂ ਲਗਾਈਆਂ ਜਾਣ। ਇਸੇ ਤਰਾਂ ਉਨ੍ਹਾਂ ਨੇ ਰਸਦ ਵਿਭਾਗ ਨੂੰ ਹਦਾਇਤ ਕੀਤੀ ਕਿ ਜਦੋਂ ਵੀ ਕਣਕ ਦੀ ਵੰਡ ਹੋਵੇ ਤਾਂ ਵਿਭਾਗ ਦੀਆਂ ਨਿਗਰਾਨ ਟੀਮਾਂ ਅਨਾਜ ਦੀ ਸਹੀ ਵੰਡ ਯਕੀਨੀ ਬਣਾਉਣ ਲਈ ਔਚਕ ਨਿਗਰਾਨੀ ਕਰਨ। 

 

ਖੁੱਡੀਆਂ ਨੇ ਇਸ ਮੌਕੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰਮੀ ਦੇ ਮੌਸਮ ਦੌਰਾਨ ਪਿੰਡਾਂ ਵਿਚ ਪੀਣ ਦੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸੇ ਤਰਾਂ ਉਨ੍ਹਾਂ ਨੇ ਡ੍ਰੇਨਜ ਵਿਭਾਗ ਨੂੰ ਬਰਸਾਤਾਂ ਤੋਂ ਪਹਿਲਾਂ ਸੇਮ ਨਾਲਿਆਂ ਦੀ ਸਫਾਈ ਯਕੀਨੀ ਬਣਾਉਣ ਲਈ ਵੀ ਪਾਬੰਦ ਕੀਤਾ। ਉਨ੍ਹਾਂ ਨੇ ਕਿਰਤ ਵਿਭਾਗ ਨੂੰ ਯੋਗ ਲੋਕਾਂ ਦੀਆ ਲਾਭਪਾਤਰੀ ਕਾਪੀਆਂ ਬਣਾਉਣ ਲਈ ਵੀ ਹਦਾਇਤ ਕੀਤੀ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ

Story You May Like