The Summer News
×
Thursday, 04 July 2024

ਸਿਵਲ ਸਰਜਨ ਨੇ ਕੀਤੀ ਦਸਤ ਰੋਕੂ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 1ਜੁਲਾਈ- (ਦੀਪਕ ਕਤਿਆਲ):  ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲ਼ਖ ਦੀ ਅਗਵਾਈ ਹੇਠ 0 ਤੋ 5 ਸਾਲ ਤੱਕ ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਭਰ ਵਿੱਚ ਦਸਤ ਰੋਕੋ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਡਾਇਰੀਏ ਦੀ ਰੋਕਥਾਮ, ਸਫਾਈ ਅਤੇ ਓ ਆਰ ਐਸ ਨਾਲ “ਰੱਖੋ ਆਪਣਾ ਧਿਆਨ” ਸਲੋਗਨ ਤਹਿਤ 1 ਜੁਲਾਈ ਤੋਂ 31 ਅਗਸਤ ਤੱਕ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾ ਕਿਹਾ ਕਿ 5 ਸਾਲ ਤੱਕ ਦੇ ਬੱਚਿਆਂ ਨੂੰ ਲੱਗਣ ਵਾਲੇ ਦਸਤ, ਦਸਤਾਂ ਦੀ ਰੋਕਥਾਮ, ਓ.ਆਰ.ਐਸ ਦਾ ਘੋਲ ਤਿਆਰ ਕਰਨ, ਦਸਤ ਲੱਗਣ ਤੇ ਓ.ਆਰ.ਐਸ ਦਾ ਘੋਲ ਦੇਣ ਅਤੇ ਬੱਚੇ ਨੂੰ ਦਸਤਾਂ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਦੇਣ ਅਤੇ ਸਾਫ ਸਫਾਈ ਸਬੰਧੀ ਪਰਿਵਾਰਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਗਰਮੀ ਅਤੇ ਬਰਸਾਤ ਦਾ ਮੌਸਮ ਹੋਣ ਕਾਰਣ ਦਸਤ ਲੱਗਣ ਨਾਲ ਬੱਚਿਆਂ ਵਿੱਚ ਪਾਣੀ ਦੀ ਘਾਟ ਹੋਣ ਕਾਰਨ ਕਈ ਵਾਰੀ ਬੱਚਿਆਂ ਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ। ਇਸ ਲਈ ਜੇਕਰ ਦਸਤ ਲਗਣ ਤੇ ਬੱਚੇ ਨੂੰ ਤੁਰੰਤ ਓ.ਆਰ.ਐਸ ਦਾ ਘੋਲ ਦੇ ਦਿੱਤਾ ਜਾਵੇ ਤਾਂ ਬੱਚੇ ਦੀ ਹਾਲਤ ਨੂੰ ਗੰਭੀਰ ਹੋਣ ਤੋਂ ਬਚਾਇਆ ਜਾ ਸਕਦਾ ਹੈ।


ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨੀਸ਼ਾ ਖੰਨਾ ਨੇ ਦੱਸਿਆ ਕਿ ਇਸ ਮੁਹਿੰਮ ਦੋਰਾਨ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਓ.ਆਰ.ਐਸ. ਦੇ ਪੈਕਟ ਦਿੱਤੇ ਜਾਣਗੇ ਤਾਂ ਜੋ ਬੱਚੇ ਨੂੰ ਦਸਤ ਲੱਗਣ ਤੇ ਤੁਰੰਤ ਓ.ਆਰ.ਐਸ ਦਾ ਘੋਲ ਦਿੱਤਾ ਜਾ ਸਕੇ। ਇਸ ਦੇ ਨਾਲ ਆਸ਼ਾ/ਏ.ਐਨ.ਐਮ ਵੱਲੋਂ ਪਰਿਵਾਰਾਂ ਨੂੰ ਓ.ਆਰ.ਐਸ ਦਾ ਘੋਲ ਤਿਆਰ ਕਰਨ ਤੇ ਬੱਚੇ ਨੂੰ ਦਸਤ ਲਗਣ ਤੇ ਘੋਲ ਪਿਲਾਉਣ ਦੀ ਵਿਧੀ ਅਤੇ ਮਾਵਾਂ ਨੂੰ ਨਵਜਾਤ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਤੱਕ ਆਪਣਾ ਦੁੱਧ ਪਿਲਾਉਣ ਅਤੇ ਛੇ ਮਹੀਨੇ ਤੋਂ ਬਾਅਦ ਓਪਰੀ ਖੁਰਾਕ ਦੇਣ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਜਿਹੜੇ ਬੱਚੇ ਦਸਤਾਂ ਤੋਂ ਪੀੜਤ ਹੋਣਗੇ ਉਹਨਾਂ ਨੂੰ ਜਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਖਾਣ ਲਈ ਦਿੱਤੀਆਂ ਜਾਣਗੀਆਂ ਕਿਉਂਕਿ ਜਿੰਕ ਦੀ ਗੋਲੀ ਖਾਣ ਨਾਲ ਜਿਥੇ ਬੱਚਿਆਂ ਦੇ ਦਸਤ ਜਲਦੀ ਠੀਕ ਹੁੰਦੇ ਹਨ ਉਥੇ ਬੱਚਿਆਂ ਨੂੰ ਦੁਬਾਰਾ ਦਸਤ ਲਗਣ ਦੇ ਮੌਕੇ ਵੀ ਘਟ ਜਾਂਦੇ ਹਨ। ਇਸ ਮੁਹਿੰਮ ਦੌਰਾਨ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਿੰਕ ਅਤੇ ਓ.ਆਰ.ਐਸ ਕਾਰਨਰ ਵੀ ਬਣਾਏ ਗਏ ਹਨ ਤਾਂ ਜੋ ਲੋੜ ਪੈਣ ਤੇ ਬੱਚੇ ਦਾ ਤੁਰੰਤ ਇਲਾਜ ਸ਼ੁਰੂ ਹੋ ਸਕੇ। ਲੋਕਾਂ ਨੂੰ ਸਾਫ ਸਫਾਈ, ਹੱਥ ਧੋਣ ਦੀ ਤਕਨੀਕ ਤੇ ਮੱਹਤਤਾ, ਸ਼ੁੱਧ ਪਾਣੀ ਦੀ ਵਰਤੋਂ ਅਤੇ ਪਾਣੀ ਵਾਲੀਆਂ ਟੈਂਕੀਆਂ ਦੀ ਸਫਾਈ, ਸਿਹਤ ਸੰਸਥਾਵਾਂ, ਸਕੂਲਾਂ, ਆਂਗਣਵਾੜੀ ਕੇਦਰਾਂ ਵਿੱਚ ਵੀ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈl

Story You May Like