The Summer News
×
Monday, 20 May 2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਭੇਜੀ

ਪਟਿਆਲਾ, 4 ਅਗਸਤ: ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਸਮਗਰੀ ਭੇਜਣ ਲਈ ਵਿਸ਼ੇਸ਼ ਉਪਰਾਲਾ ਕੀਤਾ।  ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮਨਜਿੰਦਰ ਸਿੰਘ ਨੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕਰਿਆਨੇ ਦਾ ਸਮਾਨ, ਕੱਪੜੇ, ਸੈਨੇਟਰੀ ਪੈਡ, ਗੱਦੇ, ਬੈੱਡ ਸ਼ੀਟਾਂ, ਪੱਖੇ, ਸਕੂਲੀ ਬੈਗ ਅਤੇ ਕਾਪੀਆਂ ਨਾਲ ਭਰੀਆਂ ਦੋ ਵੈਨਾਂ ਨੂੰ ਅੱਜ ਜ਼ਿਲ੍ਹਾ ਕਚਿਹਰੀਆਂ ਤੋਂ ਰਵਾਨਾ ਕੀਤਾ।


ਇਸ ਮੌਕੇ ਉਨ੍ਹਾਂ ਦੱਸਿਆ ਕਿ ਮਾਨਯੋਗ ਜਸਟਿਸ ਜੀ.ਐਸ. ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ-ਕਮ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੀ ਯੋਗ ਅਗਵਾਈ ਹੇਠ ਅਸੀਂ ਨਿਆਇਕ ਅਫ਼ਸਰਾਨ, ਵਕੀਲ ਸਾਹਿਬਾਨ ਅਤੇ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਇਹ ਰਾਹਤ ਸਮਗਰੀ ਭੇਜੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਟਿਆਲਾ ਅਤੇ ਸ਼ਹਿਰ ਦੇ ਨਾਲ ਲੱਗਦੇ ਪਿੰਡਾਂ ਦੀਆਂ ਵੱਖ-ਵੱਖ ਕਲੋਨੀਆਂ ਵਿੱਚ 29 ਮੈਡੀਕਲ ਕੈਂਪ ਅਤੇ ਹੜ੍ਹ ਰਾਹਤ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ। ਲੋੜਵੰਦ ਵਿਅਕਤੀਆਂ ਨੂੰ ਲੋੜੀਂਦੀਆਂ ਦਵਾਈਆਂ, ਔਰਤਾਂ ਨੂੰ ਸੈਨੇਟਰੀ ਪੈਡ, ਸੁੱਕਾ ਰਾਸ਼ਨ ਅਤੇ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਵੀ ਵੰਡੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਇਸ ਸਥਿਤੀ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਹਮੇਸ਼ਾ ਤਿਆਰ ਹਨ ਅਤੇ ਲੋੜਵੰਦਾਂ ਦੀ ਮਦਦ ਕਰਨਾ ਸਮਾਜ ਦਾ ਨੈਤਿਕ ਫ਼ਰਜ਼ ਹੈ।
ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਥੇੜੀ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਕਾਪੀਆਂ ਵੀ ਵੰਡੀਆਂ ਗਈਆਂ। ਇਸ ਮੌਕੇ ਪਿੰਡ ਥੇੜੀ ਦੇ ਹੜ੍ਹ ਪੀੜਤਾਂ ਲੋਕਾਂ ਨੂੰ ਪੱਖੇ, ਕੱਪੜੇ, ਚਾਦਰਾਂ ਅਤੇ ਗੱਦੇ ਵੀ ਵੰਡੇ ਗਏ।


ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਥੇੜੀ ਵਿਖੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ ਡਾਕਟਰ ਸੁਰਿੰਦਰ ਕੁਮਾਰ, ਡਾ: ਮਨਦੀਪ ਸਿੰਘ, ਡਾ: ਪ੍ਰਗਟ ਸਿੰਘ, ਡਾ: ਪ੍ਰੀਤੀ ਸੈਣੀ, ਡਾ: ਕੰਵਰਕ੍ਰਿਤੀ, ਡਾ: ਸ਼ਾਇਨਾ ਮਹਿਤਾ, ਡਾ. ਓਰੇਲਿਆ ਗੋਇਲ, ਡਾ.ਪਰਵਿੰਦਰ ਸਿੰਘ ਅਤੇ ਡਾ.ਮਨਪ੍ਰੀਤ ਕੌਰ ਦੁਆਰਾ ਉਥੇ ਆਏ ਲੋਕਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ  ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਵੰਡੀਆਂ ਗਈਆਂ।


ਇਸ ਮੌਕੇ ਇਲਾਕਾ ਨਿਵਾਸੀਆਂ ਲਈ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ, ਸ਼੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ  ਉਹਨਾਂ ਨੂੰ ਨਾਲਸਾ ਦੀਆਂ ਵੱਖ-ਵੱਖ ਸਕੀਮਾਂ, ਮੁਫ਼ਤ ਕਾਨੂੰਨੀ ਸੇਵਾਵਾਂ ਅਤੇ 09.9.2023 ਨੂੰ ਹੋਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀਮਤੀ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੀ ਹਾਜ਼ਰ ਸਨ।

Story You May Like