The Summer News
×
Monday, 20 May 2024

ਪੰਜਾਬ ਸਰਕਾਰ ਰਾਜ ਵਾਸੀਆਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਜੌੜਾਮਾਜਰਾ

ਫ਼ਰੀਦਕੋਟ 29 ਜੁਲਾਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ, ਖੋਜ ਅਤੇ ਚੋਣ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਅਤੇ ਸਿਵਲ ਹਸਪਤਾਲ ਫ਼ਰੀਦਕੋਟ ਦਾ ਨਿਰੀਖਣ ਕੀਤਾ ਗਿਆ ਅਤੇ ਸਿਹਤ ਵਿਭਾਗ, ਮੈਡੀਕਲ ਕਾਲਜ ਦੇ ਅਧਿਕਾਰੀਆਂ ਨੂੰ ਮਰੀਜ਼ਾਂ ਦੇ ਇਲਾਜ ,ਸਫ਼ਾਈ ਤੇ ਹੋਰ ਵੱਖ ਵੱਖ ਸੇਵਾਵਾਂ ਵਿੱਚ ਸੁਧਾਰ ਲਈ ਮੌਕੇ ਤੇ ਆਦੇਸ਼ ਦਿੱਤੇ। ਇਸ ਮੌਕੇ ਸ੍ਰੀ ਅਮੋਲਕ ਸਿੰਘ ਵਿਧਾਇਕ ਜੈਤੋ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਅਤੇ ਉਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਡਾ. ਰਾਜ ਬਹਾਦੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


ਇਸ ਮੌਕੇ ਸਿਹਤ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਅਤੇ ਸਿਵਲ ਹਸਪਤਾਲ ਵਿਖੇ ਸਫਾਈ, ਮਰੀਜ਼ਾਂ ਦੀ ਦੇਖਭਾਲ, ਲੈਬਾਰਟਰੀ ਟੈਸਟਾਂ, ਪਰਚੀ ਵਾਲੇ ਕਾਊਂਟਰਾਂ, ਇਲਾਜ ਸਮੇਤ ਵੱਖ ਵੱਖ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਲਈ ਮੈਡੀਕਲ ਸੁਪਰਡੈਂਟ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਰੈਫਰਲ ਹਸਪਤਾਲਾਂ ਵਜੋਂ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਾਰੇ ਹਸਪਤਾਲਾਂ ਵਿੱਚ ਲੋਕਾਂ ਦੇ ਇਲਾਜ ਲਈ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਆਪਣੇ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਵੀ ਦਿੱਕਤ ਪੇਸ਼ ਨਾ ਆਵੇ। ਇਸ ਉਪਰੰਤ ਉਨ੍ਹਾਂ ਸਿਵਲ ਹਸਪਤਾਲ ਫ਼ਰੀਦਕੋਟ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਵੀ ਗੱਲਬਾਤ ਕੀਤੀ।


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਤੇ 15 ਅਗਸਤ ਨੂੰ ਰਾਜ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਸੁਧਾਰ ਵਿੱਚ ਲੋਕਾਂ ਦੇ ਸਹਿਯੋਗ ਦੀ ਵੀ ਬਹੁਤ ਲੋੜ ਹੈ ਤੇ ਹਰੇਕ ਨਾਗਰਿਕ ਨੂੰ ਸਿਹਤ ਸੁਧਾਰਾਂ ਦੇ ਪ੍ਰੋਗਰਾਮ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਫ਼ਰੀਦਕੋਟ ਵਿਖੇ ਰੁਟੀਨ ਨਿਰੀਖਣ ਕਰਨ ਅਤੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਤੋਂ ਰਾਏ ਜਾਨਣ ਆਏ ਹਨ ਅਤੇ ਉਹ ਪੰਦਰਾਂ ਦਿਨ ਬਾਅਦ ਫਿਰ ਇਨ੍ਹਾਂ ਹਸਪਤਾਲਾਂ ਦਾ ਦੌਰਾ ਕਰਨਗੇ।ਉਨ੍ਹਾਂ ਦੱਸਿਆਂ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਸਟਾਫ ਅਤੇ ਦਵਾਈਆਂ ਆਦਿ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਧਰਨੇ ਤੇ ਬੈਠੇ ਮੈਡੀਕਲ ਕਾਲਜ ਦੇ ਸਟਾਫ ਨਾਲ ਗੱਲਬਾਤ ਕੀਤੀ ਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਦਾ ਸਾਰਥਕ ਹੱਲ ਕੱਢਿਆ ਜਾਵੇਗਾ। ਉਨ੍ਹਾਂ ਧਰਨਾਕਾਰੀ ਮੁਲਾਜ਼ਮਾਂ ਨੂੰ ਚੰਡੀਗੜ ਆਉਣ ਦਾ ਸੱਦਾ ਦਿੱਤਾ। ਜਿੱਥੇ ਅਧਿਕਾਰੀਆਂ ਸਾਹਮਣੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਰਾਜਦੀਪ ਸਿੰਘ ਬਰਾੜ, ਡਾ. ਅਜੀਤ ਪਾਲ ਸਿੰਘ ਡੀ.ਆਰ.ਓ, ਐਸ.ਡੀ.ਐਮ ਮੈਡਮ ਬਲਜੀਤ ਕੌਰ,ਡਾ. ਸਿਰਲੇਖ ਮਿੱਤਲ. ਐੱਮ.ਐੱਸ ਮੈਡੀਕਲ ਸਰਜਨ, ਡਾ.ਜੋਸ਼ੀ ਪ੍ਰਿੰਸੀਪਲ ਮੈਡੀਕਲ ਕਾਲਜ, ਡਾ ਐੱਸ.ਪੀ.ਸਿੰਘ, ਸਿਵਲ ਸਰਜਨ ਡਾ. ਸੰਜੇ ਕਪੂਰ, ਐੱਸ.ਐੱਮ.ਓ ਡਾ. ਚੰਦਰਸ਼ੇਖਰ, ਸੁਖਜੀਤ ਸਿੰਘ ਢਿੱਲਵਾਂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


Story You May Like