The Summer News
×
Sunday, 15 December 2024

ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ

ਐੱਸ.ਡੀ.ਐੱਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੋਹਾਲੀ ਨੂੰ ਨਵੀਂ ਵੋਟਰ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ


ਜਗਤਪੁਰਾ ਦੀਆਂ ਚੋਣਾਂ ਲਈ ਨਵਾਂ ਨੋਟੀਫਿਕੇਸ਼ਨ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ


ਐਸ.ਏ.ਐਸ.ਨਗਰ, 6 ਅਕਤੂਬਰ, 2024: ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮੋਹਾਲੀ ਸਬ ਡਵੀਜ਼ਨ ਦੀ ਗ੍ਰਾਮ ਪੰਚਾਇਤ ਜਗਤਪੁਰਾ ਦੀਆਂ ਚੋਣਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਐਸ.ਡੀ.ਐਮ.-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਮੋਹਾਲੀ ਨੂੰ ਰਿਟਰਨਿੰਗ ਅਫ਼ਸਰ ਅਤੇ ਐਸ.ਏ.ਐਸ. ਨਗਰ/ਗੁਰੂ ਨਾਨਕ ਕਲੋਨੀ ਨਿਵਾਸੀਆਂ ਸਮੇਤ ਸਬੰਧਤ ਧਿਰਾਂ ਨੂੰ ਇਸ ਫੈਸਲੇ ਤੋਂ ਜਾਣੂ ਕਰਵਾਉਣ ਲਈ ਕਿਹਾ ਹੈ।



ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਪੰਚਾਇਤੀ ਚੋਣਾਂ, ਸੋਨਮ ਚੌਧਰੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਦੇ ਹੁਕਮਾਂ ਅਨੁਸਾਰ ਐਸ.ਡੀ.ਐਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਐਸ.ਏ.ਐਸ.ਨਗਰ (ਮੋਹਾਲੀ) ਨੂੰ ਗੁਰੂ ਨਾਨਕ ਕਲੋਨੀ ਦੇ ਵੋਟਰਾਂ ਨੂੰ ਬਾਹਰ ਕਰਕੇ ਗਰਾਮ ਪੰਚਾਇਤ ਜਗਤਪੁਰਾ ਲਈ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਕੇ ਨਵੀਂ ਵੋਟਰ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਦੇਸ਼ ਵਿੱਚ ਅੱਗੇ ਲਿਖਿਆ ਗਿਆ ਹੈ, “ਕਿਉਂਕਿ ਰਾਜ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਚੋਣ ਪ੍ਰੋਗਰਾਮ ਸਮੇਤ 15 ਅਕਤੂਬਰ, 2024 ਦੇ ਮਤਦਾਨ, ਪਹਿਲਾਂ ਹੀ 25.9.2024 ਨੂੰ ਘੋਸ਼ਿਤ ਕੀਤਾ ਜਾ ਚੁੱਕਾ ਹੈ ਅਤੇ 27.9.2024 ਨੂੰ ਨੋਟੀਫਾਈ ਕੀਤਾ ਜਾ ਚੁੱਕਾ ਹੈ, ਉਪਰੋਕਤ ਹੁਕਮਾਂ ਅਨੁਸਾਰ ਗ੍ਰਾਮ ਪੰਚਾਇਤ ਜਗਤਪੁਰਾ ਦੀ ਵੋਟਰ ਸੂਚੀ ਦੀ ਦਰੁਸਤੀ, ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਐਸ.ਡੀ.ਐਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਐਸ.ਏ.ਐਸ. ਨਗਰ (ਮੋਹਾਲੀ) ਦੁਆਰਾ ਕੀਤੀ ਜਾਵੇ। ਨਾਮਜ਼ਦਗੀ ਭਰਨ ਲਈ ਕੀਤੀਆਂ ਗਈਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕੀਤਾ ਜਾਂਦਾ ਹੈ।”



ਉਨ੍ਹਾਂ ਕਿਹਾ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਕਰਦਿਆਂ, ਜਿਸ ਵਿੱਚ ਇਹ ਵੀ ਕਿਹਾ ਗਿਆ ਹੈ, “ਨਤੀਜੇ ਵਜੋਂ, ਇਹ ਹਦਾਇਤ ਕੀਤੀ ਜਾਂਦੀ ਹੈ ਕਿ ਗ੍ਰਾਮ ਪੰਚਾਇਤ ਜਗਤਪੁਰਾ, ਤਹਿਸੀਲ ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚੋਣਾਂ 15 ਅਕਤੂਬਰ 2024, ਨੂੰ ਨਿਰਧਾਰਤ ਪ੍ਰੋਗਰਾਮ ਦੌਰਾਨ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ, ਪਰ ਕਮਿਸ਼ਨ ਦੁਆਰਾ ਵੱਖਰੇ ਤੌਰ 'ਤੇ ਐਸ.ਡੀ.ਐਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਐਸ.ਏ.ਐਸ.ਨਗਰ ਦੁਆਰਾ ਉਕਤ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਵਿੱਚ ਨਵਾਂ ਚੋਣ ਪ੍ਰੋਗਰਾਮ ਅਧਿਸੂਚਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ. ਨਗਰ (ਮੋਹਾਲੀ) ਗ੍ਰਾਮ ਪੰਚਾਇਤ ਜਗਤਪੁਰਾ ਨਾਲ ਸਬੰਧਤ ਚੋਣ ਪ੍ਰਕਿਰਿਆ ਨੂੰ ਮੁਅੱਤਲ ਕਰਨ ਅਤੇ ਉਪਰੋਕਤ ਹੁਕਮਾਂ ਅਨੁਸਾਰ ਲੋੜੀਂਦੇ ਤਾਲਮੇਲ ਨੂੰ ਯਕੀਨੀ ਬਣਾਉਣਗੇ,” ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗ੍ਰਾਮ ਪੰਚਾਇਤ ਜਗਤਪੁਰਾ ਦੀ ਚੋਣ ਪ੍ਰਕਿਰਿਆ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਕਮਿਸ਼ਨ ਵੱਲੋਂ ਤਾਜ਼ਾ ਚੋਣ ਪ੍ਰੋਗਰਾਮ ਬਾਅਦ ਵਿੱਚ ਐਲਾਨਿਆ ਜਾਵੇਗਾ।

Story You May Like