The Summer News
×
Tuesday, 21 May 2024

ਦੇਸ਼ ਦਾ ਢਿੱਡ ਭਰਨ ਲਈ ਪੰਜਾਬ ਨੇ ਆਪਣੇ ਪਾਣੀ ਤੇ ਜਮੀਨ ਸਮੇਤ ਸਭ ਕੁਝ ਦਾਅ 'ਤੇ ਲਾਇਆ : ਡਾ. ਬਲਬੀਰ ਸਿੰਘ

ਪਟਿਆਲਾ, 7 ਅਕਤੂਬਰ: ਪੰਜਾਬ ਨੇ ਦੇਸ਼ ਦਾ ਢਿੱਡ ਭਰਨ ਲਈ ਆਪਣੇ ਪਾਣੀ ਤੇ ਜਮੀਨ ਸਮੇਤ ਸਭ ਕੁਝ ਦਾਅ 'ਤੇ ਲਾ ਦਿੱਤਾ ਹੈ। ਅੱਜ ਜਦੋਂ ਪੰਜਾਬ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਸ ਸਮੇਂ ਕਿਸੇ ਬਾਹਰਲੇ ਰਾਜ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾ ਸਕਦੀ। ਇਹ ਪ੍ਰਗਟਾਵਾ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ।

 

ਸਿਹਤ ਮੰਤਰੀ ਨੇ ਅੱਜ ਇੱਥੇ ਸਰਹਿੰਦ ਰੋਡ 'ਤੇ ਸਥਿਤ ਨਵੀਂ ਅਨਾਜ ਮੰਡੀ ਵਿਖੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ, ਆੜਤੀਆ ਐਸੋਸੀਏਸ਼ਨ, ਮਾਰਕੀਟ ਕਮੇਟੀ ਅਤੇ ਲੇਬਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਚੱਲ ਰਹੇ ਸਾਉਣੀ ਦੇ ਖਰੀਦ ਸੀਜਨ ਬਾਬਤ ਫੀਡਬੈਕ ਵੀ ਜਾਣੀ।

 

ਡਾ. ਬਲਬੀਰ ਸਿੰਘ ਨੇ ਪਟਿਆਲਾ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ 'ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਰਾਜ ਭਰ ਦੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਜਾਰੀ ਹੈ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਸੂਬਾ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਸਦਕਾ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦੇ ਵਿਕਣ ਬਾਅਦ ਤੁਰੰਤ ਬੈਂਕ ਖਾਤਿਆਂ ਵਿੱਚ ਅਦਾਇਗੀ ਹੋ ਰਹੀ ਹੈ।

 

ਮੀਡੀਆ ਨਾਲ ਗੈਰਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐਸ.ਵਾਈ.ਐਲ. ਤਾਂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੀ ਹੀ ਦੇਣ ਅਤੇ ਇਨ੍ਹਾਂ ਨੇ ਪੰਜਾਬ ਦਾ 70 ਫੀਸਦੀ ਪਾਣੀ ਦੂਸਰੇ ਰਾਜਾਂ ਨੂੰ ਭੇਜਿਆ ਹੈ।

 

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕੇਵਲ 28 ਫੀਸਦੀ ਭੂਮੀ ਦੀ ਨਹਿਰੀ ਪਾਣੀ ਨਾਲ ਸਿੰਜਾਈ ਹੁੰਦੀ ਹੈ ਜਦਕਿ ਬਾਕੀ 72 ਫੀਸਦੀ ਜਮੀਨ ਟਿਊਬਵੈਲਾਂ ਨਾਲ ਸਿੰਜਾਈ ਕੀਤੀ ਜਾਂਦੀ ਹੈ, ਇਸ ਨਾਲ ਅਸੀਂ ਕੇਂਦਰੀ ਭੰਡਾਰ ਹਿੱਸਾ ਪਾਉਣ ਲਈ ਆਪਣੀ ਧਰਤੀ ਹੇਠਲਾ ਪਾਣੀ, ਜਮੀਨ ਦੀ ਉਪਜਾਊ ਸ਼ਕਤੀ, ਕਿਸਾਨਾਂ ਦੀ ਸਿਹਤ, ਸਭ ਕੁਝ ਖਰਾਬ ਕਰ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਰਾਇਪੇਰੀਅਨ ਰਾਜ ਹੈ ਅਤੇ ਪੰਜਾਬ ਦੇ ਪਾਣੀਆਂ ਦਾ ਮਾਲਕ ਵੀ, ਇਸ ਲਈ ਇਹ ਮੰਨ ਲੈਣਾਂ ਚਾਹੀਦਾ ਹੈ ਕਿ ਪੰਜਾਬ ਕੋਲ ਇਸ ਸਮੇਂ ਕੋਈ ਵਾਧੂ ਪਾਣੀ ਨਹੀਂ ਹੈ।

 

ਇਸ ਮੌਕੇ ਕਰਨਲ ਜੇ.ਵੀ ਸਿੰਘ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜਸਵੀਰ ਸਿੰਘ ਗਾਂਧੀ, ਆੜਤੀਆ ਐਸੋਸੀਏਸ਼ਨ ਪ੍ਰਧਾਨ ਇੰਜ. ਸਤਵਿੰਦਰ ਸਿੰਘ ਸੈਣੀ, ਜਸਵਿੰਦਰ ਸਿੰਘ ਰਾਣਾ, ਚਰਨਦਾਸ ਗੋਇਲ, ਨਰੇਸ਼ ਮਿੱਤਲ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਸਨ।

Story You May Like