The Summer News
×
Saturday, 18 May 2024

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ ਪੂਰਨ ਤੌਰ ’ਤੇ ਪਾਬੰਦੀ

ਮਾਨਸਾ, 03 ਅਗਸਤ – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।


ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਣਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਅਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ।


ਹੁਕਮ ਵਿੱਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਤੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ, ਪ੍ਰੰਤੂ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੋਵੇਗੀ।

ਇਹ ਹੁਕਮ 30 ਸਤੰਬਰ, 2022 ਤੱਕ ਲਾਗੂ ਰਹੇਗਾ।


Story You May Like