The Summer News
×
Sunday, 30 June 2024

ਪੰਜਾਬ ‘ਚ 344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਕੀਤੇ ਜਾਰੀ

ਚੰਡੀਗੜ੍ਹ, 26 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।


ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ ਵਿੱਚ ਕੈਂਪ ਲਗਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੋਰਟਲ www.swavlambancard.gov.in ’ਤੇ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ ਯੋਗ ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ 344472 ਯੂਡੀਆਈਡੀ ਕਾਰਡ ਜਾਰੀ ਕੀਤੇ ਗਏ ਹਨ।


ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਪਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੈਟਫਾਰਮ ਹੈ। ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।

Story You May Like