The Summer News
×
Monday, 20 May 2024

ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਦ੍ਰਿੜ ਸੰਕਲਪ

ਬਟਾਲਾ, 2 ਅਗਸਤ | ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਬੁਰਾਈ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ ਅਤੇ ਸਰਹੱਦੀ ਪਿੰਡਾਂ ਵਿੱਚ ਗਠਿਤ ਵਿਲੇਜ਼ ਡਿਫੈਂਸ ਕਮੇਟੀਆਂ ਦੀਆਂ ਰੈਗੂਲਰ ਤੌਰ ’ਤੇ ਮੀਟਿੰਗਾਂ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।


ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਲੇਜ ਡਿਫੈਂਸ ਕਮੇਟੀਆਂ ਵਲੋਂ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਹੱਦ ਪਾਰੋਂ ਡਰੋਨ ਰਾਹੀਂ ਹੁੰਦੀ ਤਸਕਰੀ ਨੂੰ ਰੋਕਣ ਲਈ ਚੌਕਸ ਤੇ ਜਾਗਰੂਕ ਕਰਨ ਦੀ ਹਦਾਇਤ ਕੀਤੀ ਗਈ ਹੈ। ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਕਿਸੇ ਵੀ ਤਰਾਂ ਦੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ’ਤੇ ਤੁਰੰਤ ਜ਼ਿਲਾ ਪੱਧਰ ’ਤੇ ਬਣੇ ਕੰਟਰੋਲ ਰੂਮ ਦੇ ਨੰਬਰ 1800-180-1852 ’ਤੇ ਜਾਂ ਪੁਲਿਸ ਵਿਭਾਗ ਦੇ ਹੈਲਪ ਲਾਈਨ ਨੰਬਰ 78145-45950 ਉੱਪਰ ਸੰਪਰਕ ਕਰਨ। ਸੂਚਨਾ ਦੇਣ ਵਾਲੇ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।


ਇਸਦੇ ਨਾਲ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕਰਨ ਅਤੇ ਜਿਹੜੇ ਕੈਮਿਸਟ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।


ਇਸੇ ਤਰਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਖਿਲਾਫ ਵਿਸ਼ੇਸ਼ ਜਾਗਰੂਕਤਾ ਪ੍ਰੋਗਾਰਮ ਕਰਵਾਏ ਜਾਣ। ਇਸਦੇ ਨਾਲ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੁੱਕੜ ਨਾਟਕਾਂ ਦੇ ਜਰੀਏ ਲੋਕਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਚੇਤਨਤਾ ਲਿਆਂਦੀ ਜਾਵੇ। ਨਹਿਰੂ ਯੁਵਾ ਕੇਂਦਰ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਜ਼ਿਲ੍ਹੇ ਵਿੱਚ ਵਿਸ਼ੇਸ਼ ਖੇਡ ਟੂਰਨਾਮੈਂਟ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਵੱਧ ਤੋਂ ਵੱਧ ਉਪਰਾਲੇ ਕਰਨ। ਜਿਲਾ ਪ੍ਰਸ਼ਾਸਨ ਆਮ ਲੋਕਾਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਦ੍ਰਿੜ ਸੰਕਲਪ ਹੈ।

Story You May Like